ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ:ਪੰਜਾਬ ’ਚ ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਹਨੇਰੀ ਦੇ ਨਾਲ-ਨਾਲ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ 4-5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸ਼ੁੱਕਰਵਾਰ ਰਾਤ ਅੰਮ੍ਰਿਤਸਰ, ਪਟਿਆਲਾ ਅਤੇ ਹੋਰ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਗਰਜ ਨਾਲ ਮੀਂਹ ਪਿਆ। ਜਿਸ ਤੋਂ ਬਾਅਦ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਆਗਾਮੀ ਦਿਨ੍ਹਾਂ ’ਚ ਹੋਰ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45-46 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ। ਜਦੋਂ ਕਿ ਚੰਡੀਗੜ੍ਹ ਸਮੇਤ ਉੱਤਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 39-42 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।
ਕੱਲ੍ਹ ਦੇਰ ਰਾਤ ਜਲੰਧਰ ਸਮੇਤ ਨੇੜਲੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੇ ਗਰਮੀ ਤੋਂ ਰਾਹਤ ਦਿਵਾਈ। ਤਾਪਮਾਨ ਦੇ ਹਿਸਾਬ ਨਾਲ ਬਠਿੰਡਾ ਤੇ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ, ਲੁਧਿਆਣਾ 41.6, ਪਠਾਨਕੋਟ 41.5, ਪਟਿਆਲਾ 41.6 ਜਦਕਿ ਆਲੇ-ਦੁਆਲੇ ਦੇ ਇਲਾਕਿਆਂ ਦਾ ਤਾਪਮਾਨ 41 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਹਾਲਾਂਕਿ ਅਗਲੇ 3-4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ‘ਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।