ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ: ਸੁਭਾਸ਼ ਸ਼ਰਮਾ

ਪੰਜਾਬ

ਰੋਪੜ/ਖਰੜ 26 ਮਈ ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਨੇ ਦੇਸ਼ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ ਹੈ | ਉਨ੍ਹਾਂ ਨੇ ਲੋਕਾਂ ਦੀ ਤਾੜੀਆਂ ਦੀ ਗੜਗੜਾਹਟ ਵਿਚ ਕਿਹਾ, “ਇਸ ਚੋਣ ਵਿੱਚ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਭਾਜਪਾ ਨੂੰ ਵੋਟ ਦੇ ਕੇ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਈਏ ਅਤੇ ਇਹ ਯਕੀਨੀ ਬਣਾਉਣ ਕਿ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਪੰਜਾਬ ਵਿਚ ਵੀ ਬੇਮਿਸਾਲ ਵਿਕਾਸ ਹੋਵੇ ।

ਡਾ: ਸੁਭਾਸ਼ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ਅੱਗੇ ਵੱਧ ਰਿਹਾ ਹੈ ਜਦਕਿ ਪੰਜਾਬ ਪੀਛੇ ਜਾ ਰਿਹਾ ਹੈ। ਉਨ੍ਹਾਂ ਕਿਹਾ, ‘ਇਕ ਪਾਸੇ ਯੋਗੀ ਆਦਿਤਿਆਨਾਥ ਨੇ ਉੱਤਰ ਪ੍ਰਦੇਸ਼ ਨੂੰ ਅਪਰਾਧ ਅਤੇ ਗੈਂਗਸਟਰ ਮੁਕਤ ਸੂਬਾ ਬਣਾ ਦਿੱਤਾ ਹੈ, ਦੂਜੇ ਪਾਸੇ ਪੰਜਾਬ ‘ਚ ‘ਜੰਗਲ ਰਾਜ’ ਜਾਰੀ ਹੈ ਅਤੇ ਗੈਂਗਸਟਰਾਂ ਨੂੰ ਖੁੱਲ੍ਹਾ ਹੱਥ ਮਿਲਿਆ ਹੋਇਆ ਹੈ। ਡਾ: ਸ਼ਰਮਾ ਨੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਬੇਰੁਜ਼ਗਾਰੀ ਵੱਧ ਰਹੀ ਹੈ, ਉੱਥੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਹਾਲਤ ਚਿੰਤਾਜਨਕ ਪੱਧਰ ‘ਤੇ ਪਹੁੰਚ ਚੁੱਕੀ ਹੈ ਅਤੇ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਨਵੀਂ ਸਫ਼ਲਤਾ ਦੀ ਕਹਾਣੀ ਲਿਖਣ ਲਈ ਮੋਦੀ ਦੇ ਹੱਥ ਮਜ਼ਬੂਤ ਕਰਨ।

ਪੰਜਾਬ ਦੇ ਉਦਯੋਗਾਂ ਦੇ ਦੂਜੇ ਰਾਜਾਂ ਵਿੱਚ ਹੋ ਰਹੇ ਪ੍ਰਵਾਸ ਵੱਲ ਇਸ਼ਾਰਾ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਯੂ.ਪੀ., ਗੁਜਰਾਤ ਅਤੇ ਹੋਰ ਕਈ ਰਾਜਾਂ ਤੋਂ ਇਲਾਵਾ ਸਾਡਾ ਗੁਆਂਢੀ ਰਾਜ ਹਰਿਆਣਾ ਵੀ ਤਰੱਕੀ ਦੇ ਮਾਮਲੇ ਵਿੱਚ ਕਾਫੀ ਅੱਗੇ ਹੈ, ਜਦਕਿ ਅੱਜ ਪੰਜਾਬ ਦੀ ਸਥਿਤੀ ਇਹ ਹੈ ਕਿ ਸੂਬੇ ਸਿਰ 3.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਕਰਜ਼ੇ ਦੇ ਬੋਝ ਨੂੰ ਉਦੋਂ ਹੀ ਘੱਟ ਕੀਤਾ ਜਾ ਸਕਦਾ ਹੈ ਜਦੋਂ ਇੱਥੋਂ ਦੇ ਲੋਕ ਮੋਦੀ ਦੇ ਵਿਕਸਤ ਭਾਰਤ ਦੇ ਵਿਚਾਰ ਦਾ ਸਮਰਥਨ ਕਰਨ।

ਡਾ: ਸ਼ਰਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਾਰੀਆਂ ਪਾਰਟੀਆਂ- ਆਪ, ਕਾਂਗਰਸ ਅਤੇ ਅਕਾਲੀਆਂ ਨੂੰ ਅਜ਼ਮਾਇਆ ਹੈ, ਪਰ ਨਤੀਜਾ ਇਹ ਨਿਕਲਿਆ ਕਿ ਇਹ ਸੂਬੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੀਆਂ ਅਤੇ ਇਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੇ ਹੀ ਭਲੇ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕਹਿੰਦੇ ਹਨ ਕਿ ਅਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਬਦਲ ਵਜੋਂ ‘ਆਪ’ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਨੇ ਵੀ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਅਸੀਂ ਮੋਦੀ ਦੇ ਨਾਲ ਖੜ੍ਹੇ ਹੋ ਕੇ ਭਾਜਪਾ ਨੂੰ ਵੋਟ ਪਾਉਣ ਦਾ ਫੈਸਲਾ ਕੀਤਾ ਹੈ। ਡਾ: ਸ਼ਰਮਾ ਨੇ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਇਸ ਵਾਰ ਦੇਸ਼ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪੇਂਡੂ ਲੋਕ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਸਾਥ ਦੇਣ ਲਈ ਵਚਨਬੱਧ ਹਨ।

ਆਪਣੀਆਂ ਚੋਣ ਰੈਲੀਆਂ ਦੌਰਾਨ ਡਾ: ਸ਼ਰਮਾ ਨੇ ਗਰੀਬਾਂ ਦੇ ਲਾਭ ਅਤੇ ਵਿਕਾਸ ਲਈ ਮੋਦੀ ਦੁਆਰਾ ਸ਼ੁਰੂ ਕੀਤੀਆਂ ਵੱਖ-ਵੱਖ ਕੇਂਦਰੀ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਸਾਰੀਆਂ ਚੋਣ ਮੀਟਿੰਗਾਂ ਵਿੱਚ ਭਾਜਪਾ ਉਮੀਦਵਾਰ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ।

Leave a Reply

Your email address will not be published. Required fields are marked *