ਚੰਡੀਗੜ੍ਹ, 31 ਮਈ, ਬੋਲੇ ਪੰਜਾਬ ਬਿਓਰੋ:
ਬਿਆਸ ਨਦੀ ਦੇ ਕੰਢੇ ’ਤੇ ਚੱਲ ਰਹੇ ਰਾਧਾ ਸੁਆਮੀ ਸਤਿਸੰਗ ਭਵਨ ਬਿਆਸ ਦੇ ਉਸਾਰੀ ਕਾਰਜਾਂ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।ਹਾਈਕੋਰਟ ‘ਚ ਸੰਚਾਲਕਾਂ ’ਤੇ ਜ਼ਮੀਨ ’ਤੇ ਕਬਜ਼ਾ ਕਰਕੇ ਨਾਜਾਇਜ਼ ਉਸਾਰੀ ਕਰਨ ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲਗਾਉਂਦਿਆਂ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ।ਇਸ ’ਤੇ ਸੁਣਵਾਈ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਤੇ ਆਧਾਰਿਤ ਬੈਂਚ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਡੇਰੇ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।ਅਦਾਲਤ ਨੇ ਰਾਧਾ ਸੁਆਮੀ ਸਤਿਸੰਗ ਭਵਨ ਬਿਆਸ ਦੇ ਆਲੇ-ਦੁਆਲੇ ਕਿਸੇ ਵੀ ਤਰ੍ਹਾਂ ਦੀ ਉਸਾਰੀ ’ਤੇ ਰੋਕ ਲਗਾ ਦਿੱਤੀ ਹੈ।
ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਪਟੀਸ਼ਨ ਦਾਇਰ ਕਰਕੇ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਤੇ ਮਾਈਨਿੰਗ ਦਾ ਮੁੱਦਾ ਹਾਈ ਕੋਰਟ ਅੱਗੇ ਰੱਖਿਆ ਹੈ। ਪਟੀਸ਼ਨਰਾਂ ਨੇ ਦਲੀਲ ਦਿੱਤੀ ਹੈ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਆਪਣੇ ਕਬਜ਼ੇ ਵਾਲੇ ਖ਼ੇਤਰ ਨੂੰ ਨਾਜਾਇਜ਼ ਤੌਰ ’ਤੇ ਵਧਾਉਣ ਦੀ ਕੋਸ਼ਿਸ਼ ਕੀਤੀ ਹੈ।