ਚੰਡੀਗੜ੍ਹ, 1 ਜੂਨ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ-2024 ਦੇ 7ਵੇਂ ਅਤੇ ਅੰਤਿਮ ਪੜਾਅ ਵਿੱਚ ਸੂਬੇ ਭਰ ਦੇ ਸਾਰੇ 13 ਲੋਕ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਜਾ ਰਹੀਆਂ ਹਨ, ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਨਿਰਵਿਘਨ ਪੋਲਿੰਗ ਅਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਕੇਂਦਰੀ ਹਥਿਆਰਬੰਦ ਪੁਲਿਸ ਬਲ, ਪੰਜਾਬ ਪੁਲਿਸ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਹੋਮ ਗਾਰਡ ਜਵਾਨਾਂ ਸਮੇਤ ਕੁੱਲ 81,079 ਜਵਾਨਾਂ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੂਬੇ ਭਰ ਵਿੱਚ 24,451 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 5000 ਦੀ ਪਛਾਣ ਨਾਜ਼ੁਕ/ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਕੀਤੀ ਗਈ ਹੈ। ਪੰਜਾਬ ਵਿੱਚ 13 ਸੰਸਦੀ ਹਲਕਿਆਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ।
ਕੁੱਲ ਫੋਰਸ ਦੇ 50 ਫੀਸਦੀ ਤੋਂ ਵੱਧ ਭਾਵ ਸੀਏਪੀਐਫ/ਐਸਏਪੀ ਸਮੇਤ 47,284 ਕਰਮਚਾਰੀਆਂ ਨੂੰ 24,451 ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਰ ਆਪਣੀ ਵੋਟ ਦੀ ਵਰਤੋਂ ਨਿਰਵਿਘਨ ਅਤੇ ਅਰਾਮਦਾਇਕ ਢੰਗ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਸੂਬੇ ਵਿੱਚ ਨਕਦੀ/ਸ਼ਰਾਬ/ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਜਾਂ ਕਿਸੇ ਵੀ ਹੋਰ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ 351 ਫਲਾਇੰਗ ਸਕੁਐਡ ਟੀਮਾਂ, 351 ਸਟੈਟਿਕ ਸਰਵੇਲੈਂਸ ਟੀਮਾਂ ਅਤੇ 348 ਕਵਿੱਕ ਰਿਐਕਸ਼ਨ ਟੀਮਾਂ ਵੀ ਤਿਆਰ ਬਰ ਤਿਆਰ ਹਨ।
ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਸੂਬੇ ਭਰ ਵਿੱਚ ਬਿਹਤਰ ਤਾਲਮੇਲ ਵਾਲੇ 205 ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਗਏ ਹਨ ਤਾਂ ਜੋ ਸ਼ਰਾਬ ਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਪੰਜਾਬ ਵਿੱਚ 117 ਸਟੋਰੇਜ਼/ਕਾਊਂਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ ਜੋ ਵੋਟਾਂ ਦੀ ਗਿਣਤੀ ਪੂਰੀ ਹੋਣ ਤੱਕ ਕ੍ਰਮਵਾਰ ਸੀਏਪੀਐਫ, ਐਸਏਪੀ ਅਤੇ ਜ਼ਿਲ੍ਹਾ ਪੁਲਿਸ ਦੀ ਤਿੰਨ-ਪੱਧਰੀ ਸੁਰੱਖਿਆ ਅਧੀਨ ਹਨ।