ਨਵੀਂ ਦਿੱਲੀ, 2 ਜੂਨ, ਬੋਲੇ ਪੰਜਾਬ ਬਿਓਰੋ:
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੋਮਨਾਥ ਭਾਰਤੀ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਅਪਣਾ ਸਿਰ ਮੁੰਨਵਾ ਦੇਣਗੇ। ਇਸ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਸ ਵਾਰ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਕੇਂਦਰ ਵਿਚ ਮਜ਼ਬੂਤ ਅਤੇ ਸਥਿਰ ਸਰਕਾਰ ਬਣਾਏਗੀ।
ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਦੇ ਮੁਕੰਮਲ ਹੋਣ ਤੋਂ ਬਾਅਦ, ਸ਼ਨਿਚਰਵਾਰ ਨੂੰ ਆਏ ਕਈ ਐਗਜ਼ਿਟ ਪੋਲ (ਚੋਣਾਂ ਤੋਂ ਬਾਅਦ ਦੇ ਸਰਵੇਖਣਾਂ) ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਜੀ ਵਾਰ ਸੱਤਾ ਵਿਚ ਬਣੇ ਹੋਏ ਦਿਖਾਇਆ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ ( NDA) ਨੂੰ ਭਾਰੀ ਬਹੁਮਤ ਮਿਲਣ ਦਾ ਅੰਦਾਜ਼ਾ ਹੈ।
ਨਵੀਂ ਦਿੱਲੀ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਭਾਰਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਾਰੇ ਐਗਜ਼ਿਟ ਪੋਲ ਗਲਤ ਸਾਬਤ ਹੋਣਗੇ। ਭਾਰਤੀ ਨੇ ਕਿਹਾ, “ਜੇਕਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਤਾਂ ਮੈਂ ਅਪਣਾ ਸਿਰ ਮੁਨਵਾ ਲਵਾਂਗਾ। ਮੇਰੇ ਸ਼ਬਦ ਯਾਦ ਰੱਖੋ। 4 ਜੂਨ ਨੂੰ ਸਾਰੇ ਐਗਜ਼ਿਟ ਪੋਲ ਗਲਤ ਸਾਬਤ ਹੋ ਜਾਣਗੇ ਅਤੇ ਮੋਦੀ ਜੀ ਤੀਜੀ ਵਾਰ ਪ੍ਰਧਾਨ ਮੰਤਰੀ ਨਹੀਂ ਬਣ ਸਕਣਗੇ।”