ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:
ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅੱਜ ਬੁੱਧਵਾਰ ਸਵੇਰੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਵੇਗੀ, ਜਿਸ ‘ਚ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਮੀਟਿੰਗ ਆਮ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਅੱਜ ਸਵੇਰੇ 11.30 ਵਜੇ ਸ਼ੁਰੂ ਹੋਵੇਗੀ।
ਇਸੇ ਦੌਰਾਨ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸਪਾ) ਦੇ ਮੁਖੀ ਸ਼ਰਦ ਪਵਾਰ ਨੇ ਮੰਗਲਵਾਰ ਨੂੰ ਕਿਹਾ ਕਿ ‘ਇੰਡੀਆ’ ਗਠਜੋੜ ਦੇ ਨੇਤਾ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਬੁੱਧਵਾਰ ਨੂੰ ਦਿੱਲੀ ‘ਚ ਬੈਠਕ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਗਠਜੋੜ ਦੀ ਸਰਕਾਰ ਬਣਨ ਦੀ ਸੰਭਾਵਨਾ ਨਹੀਂ ਹੈ।
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਬੁੱਧਵਾਰ ਨੂੰ ਦਿੱਲੀ ਵਿੱਚ ਹੋਣ ਵਾਲੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੀ ਬੈਠਕ ਵਿੱਚ ਹਿੱਸਾ ਲੈਣਗੇ। ਜੇਡੀਯੂ ਨੇ ਸੂਬੇ ਦੀਆਂ 40 ਲੋਕ ਸਭਾ ਸੀਟਾਂ ਵਿੱਚੋਂ 12 ਸੀਟਾਂ ਜਿੱਤੀਆਂ ਹਨ।