ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਓਰੋ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕਈ ਉਪਕਰਨ ਉਪਲਬਧ ਕਰਵਾਏ ਗਏ ਹਨ। ਇਨ੍ਹਾਂ ਵਿੱਚੋਂ ਕਈ ਯੰਤਰ ਬਿਜਲੀ ਦੀ ਮਦਦ ਨਾਲ ਚੱਲਦੇ ਹਨ। ਗਰਮੀਆਂ ਦੇ ਮੌਸਮ ਦੌਰਾਨ ਅਕਸਰ ਵੋਲਟੇਜ ਦੇ ਉਤਰਾਅ-ਚੜ੍ਹਾਅ ਅਤੇ ਸਪਾਰਕਿੰਗ ਕਾਰਨ ਅੱਗ ਲੱਗਣ ਦੀ ਸੰਭਾਵਨਾ ਰਹਿੰਦੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਵੱਲੋਂ ਸਕੂਲਾਂ ਵਿੱਚ ਅੱਗ ਬੁਝਾਊ ਯੰਤਰ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਇਸ ਤੋਂ ਬਾਅਦ ਕਈ ਸਕੂਲਾਂ ਵੱਲੋਂ ਅੱਗ ਬੁਝਾਊ ਯੰਤਰ ਲਗਾਏ ਗਏ ਹਨ ਪਰ ਇਨ੍ਹਾਂ ਵਿੱਚੋਂ ਕਈਆਂ ਦੇ ਕੰਮ ਕਰਨ ਦੀ ਹਾਲਤ ਵਿੱਚ ਨਾ ਹੋਣ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਸਕੂਲਾਂ ਵਿੱਚ ਅੱਗ ਬੁਝਾਊ ਯੰਤਰਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾਂਦਾ, ਜਿਸ ਕਾਰਨ ਇਹ ਉਪਕਰਨ ਸਕੂਲਾਂ ਵਿੱਚ ਅਣਵਰਤੇ ਪਏ ਰਹਿੰਦੇ ਹਨ।
ਉਪਰੋਕਤ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਲਈ ਸਮੂਹ ਸਕੂਲ ਮੁਖੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲਾਂ ਵਿੱਚ ਲਗਾਏ ਗਏ ਸਾਰੇ ਬਿਜਲਈ ਉਪਕਰਨਾਂ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਜਲੀ ਦੀ ਖਰਾਬੀ ਨੂੰ ਰੋਕਿਆ ਜਾ ਸਕੇ।