ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚੰਡੀਗੜ੍ਹ ਪੰਜਾਬ


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ  ਹੋਏ ਨਤਮਸਤਕ


ਐੱਸ.ਏ.ਐੱਸ ਨਗਰ 10 ਜੂਨ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਰਾਜਵਿੰਦਰ ਕੌਰ ਲੁਧਿਆਣੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ, ਧੰਨ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਵੱਲੋ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਭਾਈ ਸਵਿੰਦਰ ਸਿੰਘ ਜੀ ਮੁੰਬਈ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਭਾਈ ਜਤਿੰਦਰ ਸਿੰਘ ਜੀ, ਸ਼ੋ੍ਰਮਣੀ ਪ੍ਰਚਾਰਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਦੇ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰਹ ਮਾਹ ਜੀ, ਸ਼ਬਦ ਹਜ਼ਾਰੇ ਜੀ ਅਤੇ 30 ਰਾਗਾਂ ਵਿੱਚ 2218 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ, ਉਨਾਂ ਬਾਰੇ ਵਿਸਥਾਰ  ਸਹਿਤ ਜਾਣੂ ਕਰਵਾਇਆ । ਇਸ ਤੋਂ ਇਲਾਵਾ ਬੀਬੀ ਬਿਸਮਨ ਕੌਰ, ਭਾਈ ਹਰਜੀਤ ਸਿੰਘ ਜੀ ਸੰਗਰੂਰ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਹਰਦੀਪ ਸਿੰਘ ਜੀ ਊਨਾ ਵਾਲੇ, ਭਾਈ ਹਰਮਨਪ੍ਰੀਤ ਸਿੰਘ ਜੀ, ਬੀਬੀ ਉੱਤਮਜੀਤ ਕੌਰ ਜੀ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕੁਲਤਾਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ ।


ਇਸ ਦਿਹਾੜੇ ਤੇ ਸੰਗਤਾਂ ਦੇ ਨਾਲ ਨਾਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ, ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ ਗਿਆ।  ਮੁੱਖ ਮੰਤਰੀ ਤਕਬੀਰਨ 45 ਮਿੰਟ ਗੁ: ਸਾਹਿਬ ਵਿਖੇ ਰੁਕੇ ਜਿਸ ਦੌਰਾਨ ਉਨ੍ਹਾਂ ਨੇ ਦੇਗ ਕਰਵਾ ਦੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ, ਉਨ੍ਹਾਂ ਵੱਲੋਂ ਗੁ: ਸਾਹਿਬ ਜੀ ਦੀ ਪਰਿਕਰਮਾ ਕੀਤੀ, ਕੀਰਤਨ ਸਰਵਣ ਕੀਤਾ ਅਤੇ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਮੁੱਖ ਮੰਤਰੀ ਜੀ ਦਾ ਸਨਮਾਨ ਕੀਤਾ ਗਿਆ।
ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ਼ਨਾਨ ਕੀਤਾ । ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਫਰੀ ਦਿੱਤੀ ਗਈ । ਕੜਾਹਿ, ਛੋਲਿਆਂ ਦਾ ਪ੍ਰਸ਼ਾਦਿ, ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 16 ਜੁਲਾਈ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ  ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਜੀ । ਇਸ ਦਿਨ ਮਹਾਨ ਅੰਮਿ੍ਰਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।

Leave a Reply

Your email address will not be published. Required fields are marked *