ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ

ਇਹਨਾਂ ਗ੍ਰਿਫ਼ਤਾਰੀਆਂ ਨਾਲ, ਪੰਜਾਬ ਪੁਲਿਸ ਨੇ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਅਪਰਾਧਾਂ ਨੂੰ ਪਾਈ ਠੱਲ੍ਹ: ਡੀਜੀਪੀ ਗੌਰਵ ਯਾਦਵ

ਇਸ ਤੋਂ ਪਹਿਲਾਂ, ਏਜੀਟੀਐਫ ਨੇ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰਾਂ ਨੂੰ ਕੀਤਾ ਸੀ ਗ੍ਰਿਫ਼ਤਾਰ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਓਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਮਰਜੋਤ ਸਿੰਘ ਵਾਸੀ ਲੁਧਿਆਣਾ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲਾਂ-.30 ਬੋਰ ਅਤੇ .32 ਬੋਰ- ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਗ੍ਰਿਫ਼ਤਾਰੀ 14 ਮਈ, 2024 ਨੂੰ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਮੇਤ ਚਾਰ ਮੈਂਬਰਾਂ ਦੀ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ, ਰਮਨਦੀਪ ਬੱਗਾ ਉਰਫ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ ਸੱਤ ਵਾਰਦਾਤਾਂ ਦਾ ਮੁੱਖ ਸ਼ੂਟਰ ਸੀ ਅਤੇ ਇਸ ਸਮੇਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਦੋਸ਼ਾਂ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦਾ ਨਜ਼ਦੀਕੀ ਸਾਥੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਅਗਵਾਈ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਲੁਧਿਆਣਾ ਦੇ ਕੋਚਰ ਮਾਰਕੀਟ ਰੋਡ ਦੇ ਖੇਤਰ ਵਿੱਚ ਸਥਿਤ ਇੱਕ ਘਰ ‘ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਅਤੇ ਅਗਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਵੱਲੋਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਵਾਰਦਾਤਾਂ ਨੂੰ ਠੱਲ੍ਹ ਪਾਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਉਨ੍ਹਾਂ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/02024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਇਮ, ਐਸ.ਏ.ਐਸ.ਨਗਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *