ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ। ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਮਗਰੋਂ ਕੋਰ ਕਮੇਟੀ ਦੀ ਇੱਥੇ ਕਰੀਬ ਛੇ ਘੰਟੇ ਚੱਲੀ ਮੀਟਿੰਗ ਵਿਚ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ ਕੀਤੀ ਗਈ। ਕੋਰ ਕਮੇਟੀ ਦੇ ਕਿਸੇ ਮੈਂਬਰ ਨੇ ਮੀਟਿੰਗ ਦੌਰਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ’ਤੇ ਕੋਈ ਸਵਾਲ ਖੜ੍ਹਾ ਨਹੀਂ ਕੀਤਾ ਬਲਕਿ ਉਨ੍ਹਾਂ ਦੀ ਅਗਵਾਈ ’ਤੇ ਪੂਰਾ ਭਰੋਸਾ ਪ੍ਰਗਟਾਇਆ। ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਦੇ ਮਾਮਲੇ ਵਿਚ ਇੱਕ ਤਰੀਕੇ ਨਾਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮੀਟਿੰਗ ਵਿਚ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਸਭ ਨੇ ਚੁੱਪ ਵੱਟੀ ਰੱਖੀ। ਕੋਰ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਸਮੁੱਚੀ ਰਣਨੀਤੀ ਤਿਆਰ ਕਰਨ ਲਈ ਅਤੇ ਭਵਿੱਖ ਦਾ ਏਜੰਡਾ ਤੈਅ ਕਰਨ ਵਾਸਤੇ ਪਾਰਟੀ ਆਗੂਆਂ ਤੋਂ ਵਿਅਕਤੀਗਤ ਅਤੇ ਸਮੂਹਿਕ ਤੌਰ ’ਤੇ ਸੁਝਾਅ ਲੈਣਗੇ। ਪਾਰਟੀ ਨੇ ਸਭਨਾਂ ਨੂੰ ਖੁੱਲ੍ਹੇ ਸੁਝਾਅ ਅਤੇ ਮਸ਼ਵਰੇ ਦੇਣ ਦਾ ਸੱਦਾ ਦਿੱਤਾ ਹੈ। ਚੋਣਾਂ ਦੌਰਾਨ ਸਾਹਮਣੇ ਆਏ ਮਾਮਲੇ ਵੀ ਪਾਰਟੀ ਪਲੈਟਫ਼ਾਰਮ ’ਤੇ ਰੱਖਣ ਲਈ ਕਿਹਾ ਹੈ। ਪਾਰਟੀ ਨੇ ਨਵੀਂ ਅਨੁਸ਼ਾਸਨੀ ਕਮੇਟੀ ਦੇ ਗਠਨ ਅਤੇ ਕਮੇਟੀ ਦੇ ਪਹਿਲੇ ਪ੍ਰਧਾਨ ਦੀ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ।