ਤਰਨਤਾਰਨ, 15 ਜੂਨ, ਬੋਲੇ ਪੰਜਾਬ ਬਿਓਰੋ:
ਬੀਐਸਐਫ ਦੀ 101 ਬਟਾਲੀਅਨ ਅਤੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਥਾਣਾ ਖੇਮਕਰਨ ਦੀ ਪੁਲੀਸ ਨੇ ਖੇਤਾਂ ਵਿੱਚੋਂ 2 ਪਿਸਤੌਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਬੀ.ਐਸ.ਐਫ ਅਤੇ ਖੇਮਕਰਨ ਪੁਲਿਸ ਵੱਲੋਂ ਰਾਤ ਨੂੰ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਕਾਲਸ ਦੇ ਖੇਤਾਂ ਵਿੱਚੋਂ ਦੋ ਆਸਟ੍ਰੀਆ ਦੇ ਬਣੇ ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਕਸਬਾ ਖੇਮਕਰਨ ਅਧੀਨ ਪੈਂਦੇ ਪਿੰਡ ਕਾਲਸ ਹਵੇਲੀਆਂ ਵਿਖੇ ਬੀ.ਐਸ.ਐਫ 101 ਬਟਾਲੀਅਨ ਅਤੇ ਥਾਣਾ ਖੇਮਕਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਬੀਤੀ ਰਾਤ ਸਾਂਝੇ ਆਪ੍ਰੇਸ਼ਨ ਦੌਰਾਨ ਚੌਕੀ ਹਰਭਜਨ ਸਿੰਘ ਦੇ ਅਧੀਨ ਪੈਂਦੇ ਕਾਲਸ ਹਵੇਲੀਆਂ ਦੇ ਖੇਤਾਂ ‘ਚੋਂ ਇਕ ਪੈਕਟ ਬਰਾਮਦ ਹੋਇਆ, ਜਿਸ ਨੂੰ ਖੋਲ੍ਹ ਕੇ ਤਲਾਸ਼ੀ ਲਈ ਤਾਂ ਉਸ ‘ਚੋਂ 2 ਗਲਾਕ ਪਿਸਤੌਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਹ ਪੈਕੇਟ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਪਹੁੰਚਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।