ਚੰਡੀਗੜ੍ਹ, 16 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਨਤਮਸਤਕ ਹੋਏ। ਆਪਣੀ ਫੇਰੀ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਆਸ਼ੀਰਵਾਦ ਲਿਆ। ਗੁਰਦੁਆਰਾ ਪ੍ਰਬੰਧਕਾਂ ਅਤੇ ਸਿੱਖ ਸੰਗਤ ਵੱਲੋਂ ਪੁਰੋਹਿਤ ਦਾ ਨਿੱਘਾ ਸਵਾਗਤ ਕੀਤਾ ਗਿਆ। ਪੁਰੋਹਿਤ ਨੇ ਬੜੀ ਸ਼ਰਧਾ ਨਾਲ ਧਾਰਮਿਕ ਰਸਮਾਂ ਵਿਚ ਹਿੱਸਾ ਲਿਆ।
ਰਾਜਪਾਲ ਪੁਰੋਹਿਤ ਨੇ ਕਿਹਾ ਕਿ ਗੁਰਦੁਆਰਾ ਪਾਉਂਟਾ ਸਾਹਿਬ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਇਹ ਅਧਿਆਤਮਿਕ ਮਾਰਗਦਰਸ਼ਨ ਅਤੇ ਨੈਤਿਕ ਸਮਰਥਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਚੜ੍ਹਦੀਕਲਾ ਅਤੇ ਭਲਾਈ ਲਈ ਸਰਵ ਸ਼ਕਤੀਮਾਨ (ਵਾਹਿਗੁਰੂ) ਦਾ ਆਸ਼ੀਰਵਾਦ ਲਿਆ। ਉਨ੍ਹਾਂ ਇੱਛਾ ਪ੍ਰਗਟਾਈ ਕਿ ਪੰਜਾਬ ਦੇ ਲੋਕ ਸਦਭਾਵਨਾ ਨਾਲ ਰਹਿਣ ਅਤੇ ਆਪਣੇ ਸੂਬੇ ਦੀ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ।
ਗੁਰਦੁਆਰਾ ਪਾਉਂਟਾ ਸਾਹਿਬ ਬਾਰੇ ਸੰਖੇਪ ਜਾਣਕਾਰੀ
ਗੁਰਦੁਆਰਾ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਵਿੱਚ ਯਮੁਨਾ ਨਦੀ ਦੇ ਕਿਨਾਰੇ ਸਥਿਤ ਇੱਕ ਮਹੱਤਵਪੂਰਨ ਸਿੱਖ ਤੀਰਥ ਅਸਥਾਨ ਹੈ। ਇਥੇ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਠਹਿਰੇ ਸਨ। ਇਸ ਅਸਥਾਨ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਾਰ ਸਾਲ ਤੋਂ ਵੱਧ ਸਮਾਂ ਬਿਤਾਇਆ ਅਤੇ ਇੱਥੇ ਹੀ ਉਨ੍ਹਾਂ ਨੇ ਦਸਮ ਗ੍ਰੰਥ ਦੀ ਰਚਨਾ ਕੀਤੀ ਸੀ। ਇਸ ਲਈ ਇਹ ਗੁਰਦੁਆਰਾ ਸਿੱਖ ਧਰਮ ਦੇ ਪੈਰੋਕਾਰਾਂ ਲਈ ਵਿਸ਼ਵ ਭਰ ਵਿੱਚ ਵਿਸ਼ੇਸ਼ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ।