ਨਵੀਂ ਦਿੱਲੀ, 17 ਜੂਨ,ਬੋਲੇ ਪੰਜਾਬ ਬਿਓਰੋ: ਜੰਮੂ-ਕਸ਼ਮੀਰ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਐਸ. ਪੀ. ਵੈਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪਣ ਦੀ ਸ਼ਲਾਘਾ ਕੀਤੀ ਹੈ। ਸੋਮਵਾਰ (17 ਜੂਨ) ਨੂੰ ਮੀਡੀਆ ਨੂੰ ਦਿੱਤੇ ਇਕ ਬਿਆਨ ‘ਚ ਉਨ੍ਹਾਂ ਉਮੀਦ ਪ੍ਰਗਟਾਈ ਕਿ ਹੁਣ ਇਸ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ। ਇਸ ਵਿੱਚ ਅੱਤਵਾਦੀ ਹਮਲਾ ਕਰਨ ਵਾਲੇ ਮਦਦਗਾਰਾਂ ਦਾ ਵੀ ਪਤਾ ਚੱਲਣਾ ਚਾਹੀਦਾ ਹੈ।
ਐੱਨ. ਆਈ. ਏ. ਵੱਲੋਂ ਰਿਆਸੀ ਅੱਤਵਾਦੀ ਹਮਲੇ ਦਾ ਮਾਮਲਾ ਜੰਮੂ-ਕਸ਼ਮੀਰ ਪੁਲਿਸ ਤੋਂ ਲੈਣ ‘ਤੇ ਜੰਮੂ-ਕਸ਼ਮੀਰ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਐਸ. ਪੀ. ਵੈਦ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਐੱਨ. ਆਈ. ਏ. ਨੂੰ ਸੌਂਪਣਾ ਇੱਕ ਚੰਗਾ ਕਦਮ ਹੈ। ਉਨ੍ਹਾਂ ਕਿਹਾ ਕਿ ਐੱਨ. ਆਈ. ਏ. ਵਿਸਥਾਰ ਨਾਲ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਇਸ ਲਈ ਕੌਣ ਜ਼ਿੰਮੇਵਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅੱਤਵਾਦੀ ਪਾਕਿਸਤਾਨ ਦੇ ਹਨ ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ, ਸੁਰੱਖਿਆ ਬਲ ਉਨ੍ਹਾਂ ਨੂੰ ਨਹੀਂ ਬਖਸ਼ਣਗੇ।
ਵੈਦ ਨੇ ਇਹ ਵੀ ਕਿਹਾ ਕਿ ਜਾਂਚ ‘ਚ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਨ੍ਹਾਂ ਅੱਤਵਾਦੀਆਂ ਦੀ ਮਦਦ ਕਿਸਨੇ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜੰਮੂ-ਕਸ਼ਮੀਰ ‘ਚ ਰਿਆਸੀ ਹਮਲੇ ਨੂੰ ਮੰਦਭਾਗੀ ਘਟਨਾ ਦੱਸਿਆ ਸੀ। ਇਸ ਘਟਨਾ ‘ਚ 9 ਯਾਤਰੀਆਂ ਦੀ ਮੌਤ ਹੋ ਗਈ ਸੀ ਅਤੇ 33 ਲੋਕ ਜ਼ਖਮੀ ਹੋ ਗਏ।