ਨਵੀਂ ਦਿੱਲੀ, 21 ਜੂਨ, ਬੋਲੇ ਪੰਜਾਬ ਬਿਓਰੋ:
ਈਡੀ ਨੇ ਦਿੱਲੀ ਐਕਸਾਈਜ਼ ਪਾਲਿਸੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ਦੇ ਖਿਲਾਫ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਈਡੀ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਈਡੀ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਹੈ।
ਈਡੀ ਦਾ ਦਾਅਵਾ ਹੈ ਕਿ ਸਾਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਦਾ ਪੂਰਾ ਮੌਕਾ ਨਹੀਂ ਦਿੱਤਾ ਗਿਆ, ਇਸ ਲਈ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਫੈਸਲੇ ‘ਤੇ ਰੋਕ ਲਗਾਈ ਜਾਵੇ।
ਅਰਵਿੰਦ ਕੇਜਰੀਵਾਲ ਦੇ ਵਕੀਲਾਂ ਨੇ ਈਡੀ ਦੇ ਵਕੀਲ ਨੂੰ ਸਲਾਹ ਦਿੱਤੀ ਕਿ ਤੁਹਾਨੂੰ ਅਦਾਲਤ ਦੇ ਫੈਸਲੇ ਨੂੰ ਸਨਮਾਨ ਨਾਲ ਸਵੀਕਾਰ ਕਰਨਾ ਚਾਹੀਦਾ ਹੈ। ਹਾਈ ਕੋਰਟ ਦੀ ਸੁਣਵਾਈ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਅਰਵਿੰਦ ਕੇਜਰੀਵਾਲ ਨੂੰ ਅੱਜ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ। ਦਿੱਲੀ ਹਾਈ ਕੋਰਟ ਦਾ ਕਹਿਣਾ ਹੈ ਕਿ ਹੇਠਲੀ ਅਦਾਲਤ ਦਾ ਹੁਕਮ ਉਦੋਂ ਤੱਕ ਲਾਗੂ ਨਹੀਂ ਹੋਵੇਗਾ ਜਦੋਂ ਤੱਕ ਉਹ ਮੁੱਖ ਮੰਤਰੀ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਈਡੀ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਕਰਦੀ।