ਐੱਸ. ਏ. ਐੱਸ. ਮੁਹਾਲੀ 21 ਜੂਨ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਜੀ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ। ਭਾਈ ਗੁਰਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਧਰਮ ਸਿੰਘ ਜੀ ਪਟਿਆਲਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਦੱਸਿਆ ਕਿ ਭਗਤ ਕਬੀਰ ਜੀ ਦਾ ਜਨਮ 1440 ਵਿੱਚ ਬਨਾਰਸ ਵਿਖੇ ਹੋਇਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ 15 ਭਗਤਾਂ ਦੀ ਬਾਣੀ ਵਿੱਚੋਂ ਸਭ ਤੋਂ ਵੱਧ ਆਪ ਜੀ ਦੀ ਬਾਣੀ 18 ਰਾਗਾਂ ਵਿੱਚ 541 ਸ਼ਬਦਾਂ ਵਿੱਚ ਸ਼ੁਸ਼ੋਭਿਤ ਹੈ।
ਇਸ ਤੋਂ ਇਲਾਵਾ ਭਾਈ ਹਰਭਜਨ ਸਿੰਘ ਜੀ, ਮਾਤਾ ਸੁੰਦਰ ਕੌਰ ਸਬਰ ਸੇਵਾ ਸੋਸਾਇਟੀ, ਅਕਾਲ ਕਵੀਸ਼ਰੀ ਜੱਥਾ, ਭਾਈ ਸੁਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਜੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਬੀਬੀ ਉੱਤਮਜੀਤ ਕੌਰ ਜੀ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਸਾਰਾ ਦਿਨ ਹਰ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਰਬਾਰ ਸਾਹਿਬ ਜੀ ਦੀ ਅੰਦਰੋ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਇਸ ਦਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਠੰਢੇ ਮੀਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।