ਅੰਮ੍ਰਿਤਸਰ, 22 ਜੂਨ, ਬੋਲੇ ਪੰਜਾਬ ਬਿਓਰੋ:
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨ ਇਕ ਲੜਕੀ ਵਲੋਂ ਪਰਿਕਰਮਾ ਅੰਦਰ ਯੋਗਾ ਕਰਨ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜ਼ਰੀਏ ਫੈਲਾਉਣ ਦਾ ਸਖ਼ਤ ਨੋਟਿਸ ਲਿਆ ਹੈ। ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪਰਿਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੋਧੀ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਘਟੀਆ ਹਰਕਤਾਂ ਕਰਦੇ ਹਨ।