ਪੰਜਾਬ ਪੁਲਿਸ ਦੇ ਮੁਲਾਜ਼ਮ ਡਿਊਟੀ ਦੌਰਾਨ ਸਮਾਰਟ ਫ਼ੋਨਾਂ ‘ਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਨਹੀਂ ਕਰ ਸਕਣਗੇ,ਹੁਕਮ ਹੋਏ ਜਾਰੀ
ਅੰਮ੍ਰਿਤਸਰ, 25 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ‘ਚ ਤਾਇਨਾਤ ਪੁਲਿਸ ਮੁਲਾਜ਼ਮ ਹੁਣ ਡਿਊਟੀ ਦੌਰਾਨ ਸਮਾਰਟ ਫ਼ੋਨ ‘ਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਨਹੀਂ ਕਰ ਸਕਣਗੇ। ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੁਲੀਸ ਮੁਲਾਜ਼ਮ ਡਿਊਟੀ ਦੌਰਾਨ ਅਕਸਰ ਮੋਬਾਈਲ ਫੋਨ ਦੀ ਵਰਤੋਂ ਕਰਦੇ ਹਨ। ਕੁਝ ਮੁਲਾਜ਼ਮ ਡਿਊਟੀ ਵਾਲੀ ਥਾਂ ’ਤੇ ਕੁਰਸੀਆਂ ’ਤੇ ਆਰਾਮ ਨਾਲ ਬੈਠ ਕੇ ਜਾਂ ਵਾਹਨਾਂ ’ਚ ਸਮਾਰਟ ਫ਼ੋਨਾਂ ‘ਤੇ ਸੋਸ਼ਲ ਮੀਡੀਆ ਜਾਂ ਹੋਰ ਚੈਟ ਆਦਿ ਵਿੱਚ ਰੁੱਝੇ ਰਹਿੰਦੇ ਹਨ, ਜਿਸ ਕਾਰਨ ਉਹ ਡਿਊਟੀ ’ਤੇ ਧਿਆਨ ਨਹੀਂ ਦਿੰਦੇ। ਇਸ ਨਾਲ ਨਾ ਸਿਰਫ਼ ਲੋਕਾਂ ਦੀ ਸੁਰੱਖਿਆ ਸਗੋਂ ਉਨ੍ਹਾਂ ਦੀ ਆਪਣੀ ਸੁਰੱਖਿਆ ਵੀ ਖ਼ਤਰੇ ਵਿੱਚ ਹੁੰਦੀ ਹੈ।
ਪੁਲਿਸ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਕਰਮਚਾਰੀ ਡਿਊਟੀ ਦੌਰਾਨ ਸਮਾਰਟ ਫ਼ੋਨ ਦੀ ਸਕਰੀਨ ‘ਤੇ ਰੁੱਝਿਆ ਹੋਇਆ ਪਾਇਆ ਗਿਆ ਜਾਂ ਕੁਝ ਵੀ ਦੇਖਦਾ ਪਾਇਆ ਗਿਆ ਤਾਂ ਇਸ ਨੂੰ ਡਿਊਟੀ ਵਿੱਚ ਅਣਗਹਿਲੀ ਅਤੇ ਕੁਤਾਹੀ ਮੰਨਿਆ ਜਾਵੇਗਾ ਅਤੇ ਉਸ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ ਬਿਲਕੁਲ ਜ਼ਰੂਰੀ ਹੈ ਤਾਂ ਡਿਊਟੀ ਦੌਰਾਨ ਕਾਲਾਂ ਸੁਣਨ ਜਾਂ ਕਰਨ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ ਪਰ ਫਿਰ ਵੀ ਡਿਊਟੀ ਨਿਭਾਉਂਦੇ ਹੋਏ ਸੁਚੇਤ ਰਹਿਣਾ ਚਾਹੀਦਾ ਹੈ।