ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ
ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:
ਕੇਂਦਰੀ ਜਾਂਚ ਬਿਊਰੋ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਅਤੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਉਨ੍ਹਾਂ ਦੇ ਬਿਆਨ ਦਰਜ ਕੀਤੇ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ, 2024 ਨੂੰ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਜਾਂਚ ਏਜੰਸੀ ਨੂੰ ਅਰਵਿੰਦ ਕੇਜਰੀਵਾਲ ਨੂੰ ਬੁੱਧਵਾਰ ਨੂੰ ਸਬੰਧਤ ਹੇਠਲੀ ਅਦਾਲਤ ‘ਚ ਪੇਸ਼ ਕਰਨ ਦੀ ਇਜਾਜ਼ਤ ਵੀ ਮਿਲ ਗਈ। ਕੇਜਰੀਵਾਲ ਨੂੰ ਅੱਜ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਪਹਿਲਾਂ ਹੀ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਖਦਸ਼ਾ ਪ੍ਰਗਟਾ ਰਹੇ ਹਨ। ਐਕਸ ‘ਤੇ ਵੀਡੀਓ ਪੋਸਟ ਕਰਕੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਵੱਡੀ ਸਾਜ਼ਿਸ਼ ਰਚ ਰਹੀ ਹੈ। ਸਰਕਾਰ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਵੱਲੋਂ ਝੂਠੇ ਕੇਸ ਵਿੱਚ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।