ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ CM ਮਾਨ ਦੀ ਕੋਠੀ ਵੱਲ ਕਰਨਗੇ ਰੋਸ ਮਾਰਚ
ਜਲੰਧਰ, 30 ਜੂਨ,ਬੋਲੇ ਪੰਜਾਬ ਬਿਊਰੋ :
ਜਲੰਧਰ ‘ਚ ਅੱਜ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਰੋਸ ਮਾਰਚ ਕੱਢੇਗਾ। ਇਹ ਰੋਸ ਮਾਰਚ ਪੁਰਾਣੀ ਪੈਨਸ਼ਨ, ਪੁਰਾਣੇ ਤਨਖਾਹ ਸਕੇਲ ਅਤੇ ਏ.ਸੀ.ਪੀ ਸਕੀਮ, ਪੇਂਡੂ ਭੱਤੇ ਸਮੇਤ ਕੱਟੇ ਭੱਤੇ ਬਹਾਲ ਕਰਨ ਅਤੇ ਸਰਹੱਦੀ ਖੇਤਰ ਭੱਤੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੱਢਿਆ ਜਾਵੇਗਾ। ਇਹ ਫੈਸਲਾ ਸ਼ਨੀਵਾਰ ਨੂੰ ਪੰਜਾਬ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੇ ਮਸਲੇ ਸਮੇਂ ਸਿਰ ਹੱਲ ਨਹੀਂ ਕੀਤੇ। ਇਸ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਰੋਸ ਹੈ। ਇਸ ਲਈ 30 ਜੂਨ ਯਾਨੀ ਅੱਜ ਸਵੇਰੇ 11 ਵਜੇ ਰੋਸ ਮਾਰਚ ਕੱਢਿਆ ਜਾਵੇਗਾ। ਜਥੇਬੰਦੀ ਦੇ ਝੰਡੇ ਲੈ ਕੇ ਜ਼ਿਲ੍ਹਾ ਆਗੂਆਂ ਦਾ ਵੱਡਾ ਕਾਫਲਾ ਮੁੱਖ ਮੰਤਰੀ ਨਿਵਾਸ ਵੱਲ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕਰੇਗਾ।