ਸੈਰ ਕਰ ਰਹੇ ਏਐਸਆਈ ਨੂੰ ਮਾਰੀਆਂ ਗੋਲੀਆਂ,ਹਸਪਤਾਲ ‘ਚ ਤੋੜਿਆ ਦਮ
ਕਰਨਾਲ, 3 ਜੁਲਾਈ, ਬੋਲੇ ਪੰਜਾਬ ਬਿਊਰੋ :
ਯਮੁਨਾਨਗਰ ਜ਼ਿਲ੍ਹਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਵਿਚ ਤਾਇਨਾਤ ਏ.ਐਸ.ਆਈ. ਦਾ ਕਤਲ ਕਰ ਦਿੱਤਾ ਗਿਆ।ਉਸ ਦੀ ਪਿੰਡ ਕੁਟੇਲ ਦੀ ਹੱਦ ਅੰਦਰ ਸਥਿਤ ਘਰ ਦੇ ਬਾਹਰ ਸੈਰ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਅਣਪਛਾਤੇ ਦੋ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੰਜੀਵ ਬੀਤੀ ਰਾਤ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ।ਇਸ ਦੌਰਾਨ ਮੋਟਰ ਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਕ ਗੋਲੀ ਉਸ ਦੇ ਸਿਰ ਵਿਚ ਅਤੇ ਇਕ ਗੋਲੀ ਉਸ ਦੀ ਗਰਦਨ ਵਿਚ ਵੱਜੀ। ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਮੌਕੇ ’ਤੇ ਪਹੁੰਚੇ। ਉਸ ਸਮੇਂ ਤੱਕ ਹਮਲਾਵਰ ਮੌਕੇ ’ਤੋਂ ਫ਼ਰਾਰ ਹੋ ਗਏ ਸਨ। ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਸੰਜੀਵ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਫ਼.ਐਸ.ਐਲ. ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।