ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

ਚੰਡੀਗੜ੍ਹ ਪੰਜਾਬ

ਅਧਿਕਾਰੀਆਂ ਨੂੰ ਬਿਰਧ ਘਰਾਂ, ਬਾਲ ਘਰਾਂ ਅਤੇ ਆਂਗਣਵਾੜੀ ਸੈਟਰਾਂ ਨਾਲ ਨਿੱਜੀ ਰਾਬਤਾ ਰੱਖਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ :

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ, ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨਾਲ ਕਿਸਾਨ ਭਵਨ ਚੰਡੀਗੜ੍ਹ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ ਤੋਂ ਵਿਭਾਗ ਦੇ ਕੰਮਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਸਮਾਜ ਭਲਾਈ ਸਕੀਮਾਂ, ਔਰਤਾਂ ਅਤੇ ਬੱਚਿਆਂ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਹਨਾਂ ਅਧਿਕਾਰੀਆਂ ਨੂੰ ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਬਿਰਧ ਘਰਾਂ, ਬਾਲ ਘਰਾਂ ਅਤੇ ਆਂਗਣਵਾੜੀ ਸੈਟਰਾਂ ਦਾ ਨਿਯਮਤ ਨਰੀਖਣ ਕਰਨ ਅਤੇ ਲਗਾਤਾਰ ਨਿੱਜੀ ਰਾਬਤਾ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਪਹੁੰਚਾਉਣ ਲਈ ਜ਼ਮੀਨੀ ਪੱਧਰ ਤੇ ਕਾਰਜ਼ ਕੀਤੇ ਜਾਣੇ ਜਰੂਰੀ ਹਨ।

ਮੀਟਿੰਗ ਦੌਰਾਨ ਮੰਤਰੀ ਨੇ ਸੰਗਠਿਤ ਬਾਲ ਵਿਕਾਸ ਸੇਵਾਵਾਂ (ਆਈ.ਸੀ.ਡੀ.ਐਸ.), ਪੋਸ਼ਣ ਟਰੈਕਰ ਐਪਲੀਕੇਸ਼ਨ, ਆਂਗਨਵਾੜੀ ਸੈਟਰਾਂ ਦੀ ਰਿਪੇਅਰ ਸਬੰਧੀ, ਮਨਰੇਗਾ ਸਕੀਮ ਅਧੀਨ ਆਂਗਨਵਾੜੀ ਸੈਂਟਰਾਂ ਦੀ ਉਸਾਰੀ, ਟੁਆਇਲਟਾਂ ਦੀ ਉਸਾਰੀ ਦੇ ਵਰਤੋ ਸਰਟੀਫਿਕੇਟ, ਪੂਰਕ ਪੋਸ਼ਣ ਪ੍ਰੋਗਰਾਮ ਸਕੀਮ, ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ, ਬਾਲ ਘਰਾਂ ਅਤੇ ਬਾਲ ਸੁਧਾਰ ਘਰਾਂ ਦਾ ਨਿਯਮਿਤ ਨਿਰੀਖਣ, ਬਾਲ ਮਜਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਲੰਬਿਤ ਮਾਮਲਿਆਂ ਨੂੰ ਵੈਰੀਫਾਈ, ਬੇਟੀ ਬਚਾਓ ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ ਸਮੇਤ ਵੱਖ-ਵੱਖ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।

ਕੈਬਨਿਟ ਮੰਤਰੀ ਨੇ ਮੀਟਿੰਗ ਵਿੱਚ ਸੰਬੋਧਨ ਕਰਦਿਆ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਸਿੱਧਾ ਸਬੰਧ ਸਮਾਜ ਦੇ ਹਰ ਵਰਗ ਨਾਲ ਹੈ। ਉਨਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਵਰਗਾਂ, ਖਾਸ ਤੌਰ ‘ਤੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ।
ਮੀਟਿੰਗ ਦੌਰਾਨ ਉਹਨਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਸਮਾਜਿਕ ਸੁਰੱਖਿਆ ਅਤੇ ਵੱਖ-ਵੱਖ ਸਕੀਮਾਂ ਦੇ ਲਾਭ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਕਿਹਾ।

Leave a Reply

Your email address will not be published. Required fields are marked *