ਪਠਾਨਕੋਟ, 16 ਜੁਲਾਈ, ਬੋਲੇ ਪੰਜਾਬ ਬਿਊਰੋ :
ਪਠਾਨਕੋਟ ਦੇ ਹਲਕਾ ਭੋਆ ਅਧੀਨ ਪੈਂਦੇ ਪਿੰਡ ਗਟੋਰਾ ਦੇ ਸਕੂਲ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਅਧਿਆਪਕ ਨੂੰ ਸਾੜਨ ਲਈ ਅੰਦਰ ਵੜ ਗਿਆ। ਇਸ ਘਟਨਾ ਤੋਂ ਬਾਅਦ ਸਕੂਲ ਦੇ ਬੱਚੇ ਡਰ ਗਏ।
ਜਾਣਕਾਰੀ ਅਨੁਸਾਰ ਪਿੰਡ ਗਟੋਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਅਧਿਆਪਕਾ ਰੇਣੂ ਸ਼ਰਮਾ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ, ਜਿਸ ਸਬੰਧੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਜਦੋਂ ਅਧਿਆਪਕਾ ਰੇਣੂ ਸ਼ਰਮਾ ਕਲਾਸ ਲੈ ਰਹੀ ਸੀ ਤਾਂ ਉਸ ਦਾ ਪਤੀ ਲਵਲੀਨ ਸ਼ਰਮਾ ਆਇਆ ਅਤੇ ਬੱਚਿਆਂ ਦੇ ਸਾਹਮਣੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ‘ਤੇ ਪੈਟਰੋਲ ਛਿੜਕ ਦਿੱਤਾ।
ਰੇਣੂ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਤੁਰੰਤ ਆਪਣੇ ਬੇਟੇ ਨੂੰ ਬੁਲਾਇਆ। ਜਿਸ ਤੋਂ ਬਾਅਦ 112 ਨੰਬਰ ‘ਤੇ ਕਾਲ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੀੜਤ ਅਧਿਆਪਕਾ ਨੂੰ ਮੈਡੀਕਲ ਕਰਵਾਉਣ ਲਈ ਹਸਪਤਾਲ ਭੇਜ ਦਿੱਤਾ, ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।