ਕਪੂਰਥਲਾ, 17 ਜੁਲਾਈ, ਬੋਲੇ ਪੰਜਾਬ ਬਿਊਰੋ :
ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ‘ਚ ਪੈਟਰੋਲ ਪੰਪ ਨੇੜੇ ਕਾਲਜ ਤੋਂ ਆ ਰਹੇ ਵਿਦਿਆਰਥੀਆਂ ‘ਤੇ ਕੁਝ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਐਸਐਚਓ ਸੁਲਤਾਨਪੁਰ ਲੋਧੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਫਿਲਹਾਲ ਜ਼ਖ਼ਮੀਆਂ ਨੇ ਆਪਣੇ ਬਿਆਨ ਦਰਜ ਨਹੀਂ ਕਰਵਾਏ ਹਨ ਪਰ ਪੁਲੀਸ ਟੀਮ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਜਾਂਚ ਕਰ ਰਹੀ ਹੈ।
ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਅਭਿਰਾਜਪਾਲ ਸਿੰਘ ਪੁੱਤਰ ਗੁਰਸ਼ਰਨ ਸਿੰਘ ਵਾਸੀ ਪਿੰਡ ਸੂਜੋ ਕਾਲੀਆ, ਗੁਰਪ੍ਰੀਤ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਮੰਡ ਆਲੂਵਾਲ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਕਾਲਜ ਤੋਂ ਪੜ੍ਹ ਕੇ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਜਦੋਂ ਉਹ ਤਲਵੰਡੀ ਚੌਧਰੀਆਂ ਰੋਡ ’ਤੇ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਹਮਲਾਵਰਾਂ ਦੇ ਚੁੰਗਲ ‘ਚੋਂ ਬਚਾਇਆ। ਪੀੜਤਾਂ ਨੇ ਇਹ ਵੀ ਦੱਸਿਆ ਕਿ ਹਮਲਾਵਰਾਂ ਕੋਲ ਪਿਸਤੌਲ ਵੀ ਸੀ। ਉਨ੍ਹਾਂ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਘਟਨਾ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਅਭਿਰਾਜਪਾਲ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਡਿਊਟੀ ਡਾਕਟਰ ਨੇ ਰੈਫਰ ਕਰ ਦਿੱਤਾ ਹੈ।