ਚੰਡੀਗੜ੍ਹ ,16 ਜੁਲਾਈ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ, ਜ਼ਿਲ੍ਹਾ ਬਰਨਾਲਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਉਕਤ ਦੋਵੇਂ ਇੰਸਪੈਕਟਰਾਂ ਨੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਭ੍ਰਿਸ਼ਟ ਅਧਿਕਾਰੀਆਂ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਉਨ੍ਹਾਂ ਨੂੰ 1 ਲੱਖ ਰੁਪਏ ਦਾ ਭੁਗਤਾਨ ਕਰ ਦੇਵੇ ਨਹੀਂ ਤਾਂ ਉਹ ਰਿਕਵਰੀ ਨੋਟਿਸ ਜਾਰੀ ਕਰਕੇ ਉਸ ਤੋਂ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਦੀ ਮੰਗ ਕਰਨਗੇ।