ਹਲਵਾਰਾ, 20 ਜੁਲਾਈ, ਬੋਲੇ ਪੰਜਾਬ ਬਿਊਰੋ :
ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਨਵੇਂ ਏਅਰਪੋਰਟ ਦਾ ਤੋਹਫਾ ਮਿਲ ਸਕਦਾ ਹੈ। ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਨਾਲ ਲੱਗਦੇ ਪਿੰਡ ਏਤਿਆਣਾ ਵਿੱਚ ਬਣ ਰਹੇ ਅੰਤਰਰਾਸ਼ਟਰੀ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਸਰਕਾਰੀ ਸਮਾਂ ਸੀਮਾ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਸੰਸਦ ਮੈਂਬਰ ਸੰਜੀਵ ਅਰੋੜਾ, ਜੋ ਸ਼ੁੱਕਰਵਾਰ ਨੂੰ ਹਵਾਈ ਅੱਡੇ ਦੇ ਨਿਰਮਾਣ ਵਿਚ ਭਾਗ ਲੈਣ ਵਾਲੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਹਵਾਈ ਅੱਡੇ ਦਾ ਮੁਆਇਨਾ ਕਰਨ ਆਏ ਸਨ, ਨੇ ਕਿਹਾ ਕਿ ਅਕਤੂਬਰ ਤੱਕ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ।
ਭਾਵੇਂ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਵੀ ਕੋਈ ਪੱਕੀ ਤਰੀਕ ਨਹੀਂ ਦਿੱਤੀ ਪਰ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਇਹ ਹਵਾਈ ਅੱਡਾ ਇਸ ਵਾਰ ਦੀਵਾਲੀ ਦੇ ਤੋਹਫੇ ਵਜੋਂ ਪੰਜਾਬ ਵਾਸੀਆਂ ਨੂੰ ਦਿੱਤਾ ਜਾਵੇਗਾ। 2019 ਤੋਂ ਬਣ ਰਹੇ ਇਸ ਹਵਾਈ ਅੱਡੇ ਦੀ ਸਮਾਂ ਸੀਮਾ 15 ਤੋਂ ਵੱਧ ਵਾਰ ਵਧਾਈ ਜਾ ਚੁੱਕੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਹਵਾਈ ਅੱਡੇ ਦਾ ਸਿਵਲ ਵਰਕ ਲਗਭਗ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਵੀ ਜਾਰੀ ਰਹੇਗਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਰੀਬ 10 ਏਅਰਲਾਈਨਜ਼ ਦੇ ਸੀ.ਈ.ਓਜ਼ ਨੂੰ ਪੱਤਰ ਲਿਖ ਕੇ ਉਡਾਣ ਸ਼ੁਰੂ ਕਰਨ ਲਈ ਕਿਹਾ ਗਿਆ ਹੈ।
ਏਅਰਲਾਈਨਜ਼ ਦੇ ਸੀ.ਈ.ਓ ਨੇ ਭਰੋਸਾ ਦਿੱਤਾ ਹੈ ਕਿ ਏਅਰਪੋਰਟ ਦਾ ਕੰਮ ਮੁਕੰਮਲ ਹੁੰਦਿਆਂ ਹੀ ਉਡਾਣ ਸ਼ੁਰੂ ਕਰ ਦਿੱਤੀ ਜਾਵੇਗੀ।