ਅੰਮ੍ਰਿਤਸਰ, 20 ਜੁਲਾਈ ,ਬੋਲੇ ਪੰਜਾਬ ਬਿਊਰੋ ;
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਆਪਣੇ ਤੇਜ਼-ਤਰਾਰ ਓਪਰੇਸ਼ਨ ‘ਚ 3 ਮੁਲਜ਼ਮਾਂ ਨੂੰ ਨਸ਼ੇ ਤਸਕਰੀ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਨਾਮ ਦਾ ਨਸ਼ਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ‘ਚ ਪੁਲਿਸ ਇਸ ਤਸਕਰੀ ਦੇ ਨੈਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਲਈ ਤਫਤੀਸ਼ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਦੇ ਅਧਿਕਾਰਿਤ ਪੇਜ ‘ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਮਾਨਯੋਗ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰਾਂ ਨਾਲ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।