ਲੁਧਿਆਣਾ, 21 ਜੁਲਾਈ, ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਥੇ ਕਾਰ ਸਵਾਰ ਹਮਲਾਵਰਾਂ ਨੇ ਬਾਈਕ ਸਵਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਗੋਲੀ ਚਲਾਉਣ ਤੋਂ ਪਹਿਲਾਂ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਕਾਬੂ ਨਹੀਂ ਕਰ ਸਕਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨੇ ਦੱਸਿਆ ਕਿ ਭੀੜ ਹੋਣ ਕਾਰਨ ਜਦੋਂ ਬਾਈਕ ਸਵਾਰ ਲੰਮਾ ਪਿੰਡ ਚੌਕ ਨੇੜੇ ਰੁਕੇ ਤਾਂ ਕਾਰ ‘ਚ ਸਵਾਰ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੀ.ਸੀ.ਆਰ. ਟੀਮ ਨੇ ਮਾਮਲੇ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀ ਪਠਾਨਕੋਟ ਚੌਕ ਵੱਲ ਚਲੇ ਗਏ। ਮੁਲਜ਼ਮਾਂ ਦਾ ਰਾਹਗੀਰਾਂ ਵੱਲੋਂ ਪਿੱਛਾ ਕੀਤਾ ਗਿਆ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਬਾਰੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।