ਚੰਡੀਗੜ੍ਹ, 22 ਜੁਲਾਈ,ਬੋਲੇ ਪੰਜਾਬ ਬਿਊਰੋ ;
ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਫੋਕੇ ਬਿਆਨਾਂ ਨਾਲ ਬੇਰੋਜਗਾਰੀ ਦਾ ਕੋਈ ਹੱਲ ਨਹੀਂ ਹੋ ਸਕਦਾ ਬਲਕਿ ਇਸ ਲਈ ਜਮੀਨੀ ਪੱਧਰ ਤੇ ਯਤਨ ਕਰਨ ਦੀ ਜਰੂਰਤ ਹੁੰਦੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬੇਰੋਜ਼ਗਾਰੀ ਦਾ ਮੁੱਦਾ ਸਭ ਤੋਂ ਵੱਡਾ ਹੈ, ਜਿਸ ਦੇੇ ਹੱਲ ਲਈ ਸੂਬੇ ਵਿੱਚ ਉਦਯੋਗ ਲਗਾਉਣੇ ਜਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਕੇ ਉਦਯੋਗ ਲਗਾਉਣ ਲਈ ਪ੍ਰੇਰਿਤ ਕਰੇ ਤਾਂ ਜੋ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।
ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਇਹ ਬਣ ਚੁੱਕੇ ਹਨ ਕਿ ਨੌਜਵਾਨਾਂ ਦਾ ਭਰੋਸਾ ਸਰਕਾਰ ਨਾਲੋਂ ਵੱਧ ਇਮੀਗ੍ਰੇਸ਼ਨ ਕੰਪਨੀਆਂ ਤੇ ਬਣਿਆ ਹੋਇਆ ਹੈ। ਇਸ ਕਾਰਨ ਹੀ ਨੌਜਵਾਨਾਂ ਦੇ 70 ਫੀਸਦੀ ਅਬਾਦੀ ਮਜ਼ਬੂਰ ਹੋ ਕੇ ਵਿਦੇਸ਼ਾਂ ਵੱਲ ਨੂੰ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਹਰ ਸਾਲ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਧਾ ਕਾਰਜਕਾਲ ਮੁਕੰਮਲ ਹੋਣ ਦੇ ਬਾਅਦ ਵੀ ਸਰਕਾਰ ਨੇ ਇਸ ਵੱਲ ਕੋਈ ਕਦਮ ਨਹੀਂ ਵਧਾਇਆ।
ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਵੀ ਖੋਖਲਾ ਸਾਬਿਤ ਹੋਇਆ ਹੈ। ਰੋਜ਼ਾਨਾਂ ਅਨੇਕਾਂ ਨੌਜਵਾਨ ਨਸ਼ੇ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਪਰ ਸਰਕਾਰ ਹੱਥ ਤੇ ਹੱਥ ਧਰੀ ਬੈਠੀ ਹੈ। ਸ਼੍ਰ੍ਰੀ ਖੰਨਾ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜੀ ਹੋਈ ਹੈ। ਜਿਸ ਕਾਰਨ ਨਿਵੇਸ਼ਕ ਪੰਜਾਬ ਵੱਲ ਆਉਣ ਦੀ ਹਿੰਮਤ ਨਹੀਂ ਜੁਟਾ ਪਾ ਰਹੇ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ਵੱਲ ਫੌਰੀ ਤੌਰ ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਆਰਥਿਕ ਮੰਦਹਾਲ ਵਿੱਚੋਂ ਕੱਢਣ ਲਈ ਵੱਡੇ ਪੱਧਰ ਤੇ ਉਦਯੋਗ ਲੱਗ ਸਕਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਮੁਹੱਈਆ ਹੋ ਸਕਣ।