ਖੇਤਾਂ ਨੂੰ ਪਾਣੀ ਲਾ ਕੇ ਘਰ ਆ ਰਹੇ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
ਡੇਰਾ ਬਾਬਾ ਨਾਨਕ, 28 ਜੁਲਾਈ, ਬਿਊਰੋ :
ਡੇਰਾ ਬਾਬਾ ਨਾਨਕ ਦੇ ਪਿੰਡ ਸ਼ਹਿਜ਼ਾਦਾ ਕਲਾਂ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਹੈ। ਮ੍ਰਿਤਕ ਦੀ ਪਛਾਣ 55 ਸਾਲਾ ਸਵਿੰਦਰ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਪੁਲਿਸ ਨੇ ਇਸ ਕਤਲ ਸਬੰਧੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਹਿਜ਼ਾਦਾ ਕਲਾਂ ਦਾ ਰਹਿਣ ਵਾਲਾ ਸਵਿੰਦਰ ਸਿੰਘ ਸ਼ਨੀਵਾਰ ਦੇਰ ਸ਼ਾਮ ਆਪਣੇ ਖੇਤਾਂ ਨੂੰ ਪਾਣੀ ਲਾ ਕੇ ਘਰ ਪਰਤ ਰਿਹਾ ਸੀ। ਇਸੇ ਦੌਰਾਨ ਕੁਝ ਅਣਪਛਾਤੇ ਹਮਲਾਵਰ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਨੇ ਸਵਿੰਦਰ ਸਿੰਘ ’ਤੇ ਪਿੱਛਿਓਂ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਗੋਲੀ ਚਲਾ ਕੇ ਫਰਾਰ ਹੋ ਗਏ।
ਗੋਲੀ ਲੱਗਣ ਕਾਰਨ ਸਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਵਿੰਦਰ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।