ਡਾ. ਗੁਰਪ੍ਰੀਤ ਕੌਰ ਚੋਣ ਨਹੀਂ ਲੜਨਗੇ -CM ਮਾਨ
ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਚੋਣ ਲੜਨ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਅੱਜ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਚੋਣ ਨਹੀਂ ਲੜਨਗੇ। ਮੁੱਖ ਭਗਵੰਤ ਮਾਨ ਵੱਲੋਂ 58 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮੀਡੀਆ ਵੱਲੋਂ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਉਪ ਚੋਣ ਲੜਨ ਨੂੰ ਲੈ ਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜੇ ਅਜਿਹਾ ਕੋਈ ਇਰਾਦਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਚਾਰ ਕਰਨ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਚੋਣ ਲੜ ਰਹੇ ਹੋ। ਉਨ੍ਹਾਂ ਕਿਹਾ ਕਿ ਪ੍ਰਚਾਰ ਕਰਨ ਦਾ ਮਤਲਬ ਰਾਜਨੀਤੀ ਵਿੱਚ ਆਉਣਾ ਨਹੀਂ ਹੈ। ਮੈਂ ਅਤੇ ਮੇਰਾ ਪਰਿਵਾਰ ਹਮੇਸ਼ਾ ਜਨਤਾ ਦੀ ਸੇਵਾ ਵਿੱਚ ਮੌਜੂਦ ਹਾਂ। ਮੈਂ ਪੰਜਾਬ ਦੀ ਬਾਂਗਡੋਰ ਸੰਭਾਲ ਰਿਹਾ ਹਾਂ। ਮੇਰਾ ਪਰਿਵਾਰ ਮਜ਼ਬੂਤੀ ਨਾਲ ਖੜ੍ਹਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜਲੰਧਰ ਉਪ ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ ਸੀ।ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ ਦੇ ਲੋਕਾਂ ਨੂੰ ਐਂਬੂਲੈਂਸਾਂ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।