ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ‘ਤੇ ਕੇਸ ਦਰਜ
ਪਾਇਲ, 28 ਜੁਲਾਈ, ਬੋਲੇ ਪੰਜਾਬ ਬਿਊਰੋ :
ਵਿਦੇਸ਼ ‘ਚ ਬੈਠ ਕੇ ਵਟਸਐਪ ‘ਤੇ ਗਰੁੱਪ ਬਣਾਉਣ ਵਾਲੇ ਐਡਮਿਨਿਸਟ੍ਰੇਟਰ ਪਾਇਲ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ‘ਚ ਬਣੇ ਇਸ ਵਟਸਐਪ ਗਰੁੱਪ ‘ਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਅਤੇ ਗਲਤ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ। ਇਸ ਗਰੁੱਪ ਦੇ ਪ੍ਰਬੰਧਕ ਖਿਲਾਫ ਸਾਈਬਰ ਕ੍ਰਾਈਮ ਥਾਣਾ ਖੰਨਾ ‘ਚ ਆਈ.ਟੀ. ਐਕਟ ਦੀ ਧਾਰਾ 67 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਸ਼ਿਕਾਇਤਕਰਤਾ ਕੁਲਦੀਪ ਸਿੰਘ ਉਰਫ਼ ਰਿੰਕਾ ਦੁਧਾਲ ਨੇ ਪੰਜਾਬ ਪੁਲਿਸ ਦੇ ਪਬਲਿਕ ਸ਼ਿਕਾਇਤ ਪੋਰਟਲ ‘ਤੇ ਦਰਖਾਸਤ ਨੰਬਰ 344964 ਮਿਤੀ 4.5.2024 ਰਾਹੀਂ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨਾਲ ਸਬੰਧਤ ਹੈ ਅਤੇ ਯੁਵਾ ਅਕਾਲੀ ਦਲ ਦਾ ਮੀਤ ਪ੍ਰਧਾਨ ਹੈ। ਵਿਦੇਸ਼ੀ ਗਰੁੱਪ ਦੇ ਪ੍ਰਬੰਧਕ ਮਨਪ੍ਰੀਤ ਸਿੰਘ ਉਰਫ਼ ਮਨੀ ਗਿੱਲ ਵੱਲੋਂ ਆਪਣੇ ਪਿੰਡ ਦਾ “ਸੁੱਖੀ ਵਸੇ ਮੇਰਾ ਨਗਰ-ਖੇੜਾ” ਨਾਂ ‘ਤੇ ਇੱਕ ਵਟਸਐਪ ਗਰੁੱਪ ਬਣਾਇਆ ਗਿਆ ਹੈ, ਜਿਸ ਵਿੱਚ ਉਨ੍ਹਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਖਾਲਿਸਤਾਨੀ ਸਮਰਥਕ ਹੋਣ ਕਰਕੇ ਪਿੰਡ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉੱਚ ਪੁਲਿਸ ਅਧਿਕਾਰੀਆਂ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਈਟੀ ਐਕਟ ਦੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।