ਮੈਂ ਸਾਬਕਾ ਰਾਜਪਾਲ ਨੂੰ ਅਸਤੀਫਾ ਦੇਣ ਲਈ ਮਜਬੂਰ ਨਹੀਂ ਕੀਤਾ, ਉਹ ਮੇਰੇ ਪਿਤਾ ਸਮਾਨ : ਭਗਵੰਤ ਮਾਨ
ਚੰਡੀਗੜ੍ਹ, 29 ਜੁਲਾਈ, ਬੋਲੇ ਪੰਜਾਬ ਬਿਊਰੋ ;
ਪੰਜਾਬ ਸਰਕਾਰ ਨਾਲ ਲਗਾਤਾਰ ਵਿਵਾਦਾਂ ਕਾਰਨ ਸੁਰਖੀਆਂ ਵਿੱਚ ਰਹੇ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਸਾਬਕਾ ਰਾਜਪਾਲ ਨੂੰ ਅਸਤੀਫਾ ਦੇਣ ਲਈ ਮਜਬੂਰ ਨਹੀਂ ਕੀਤਾ, ਸਗੋਂ ਉਹ ਮੇਰੇ ਪਿਤਾ ਸਮਾਨ ਹਨ। ਮੇਰੀ ਉਨ੍ਹਾਂ ਨਾਲ ਕੋਈ ਨਿੱਜੀ ਲੜਾਈ ਨਹੀਂ ਸੀ।ਸਿਰਫ ਸਿਲੈਕਟਿਡ ਤੇ ਇਲੈਕਟਿਡ ਦੇ ਦਾਇਰੇ ਨੂੰ ਲੈ ਕੇ ਹੀ ਮਨ-ਮੁਟਾਅ ਸੀ।
ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਜਦੋਂ ਵੀ ਰਾਜਪਾਲ ਨੂੰ ਮਿਲਦੇ ਸਨ ਤਾਂ ਉਨ੍ਹਾਂ ਦੇ ਪੈਰੀਂ ਹੱਥ ਲਾਉਂਦੇ ਸਨ। ਸਾਬਕਾ ਰਾਜਪਾਲ ਨੇ ਪੰਜਾਬ ਸਰਕਾਰ ਦੇ ਸੁਚਾਰੂ ਕੰਮਕਾਜ ਵਿੱਚ ਬੇਲੋੜੀ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਮੰਦਭਾਗਾ ਹੈ ਕਿ ਰਾਜਪਾਲ ਨੇ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਅਤੇ ਬਾਅਦ ਵਿਚ ਮਨਜ਼ੂਰੀ ਦੇਣ ਲਈ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ। ਇਸ ਸਭ ਦੇ ਖਿਲਾਫ ਉਸ ਨੂੰ ਸੁਪਰੀਮ ਕੋਰਟ ਜਾਣਾ ਪਿਆ।