ਪੁਲਿਸ ਨੇ ਪੰਜਾਬ ਭਰ ਵਿੱਚ ਸੁਰੱਖਿਆ ਵਧਾਈ
ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ:
ਆਗਾਮੀ ਆਜ਼ਾਦੀ ਦਿਹਾੜੇ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਇਸ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਸ਼ਨੀਵਾਰ ਨੂੰ ਵਿਸ਼ੇਸ਼ ਆਪਰੇਸ਼ਨ ‘ਆਪ੍ਰੇਸ਼ਨ ਸੀਲ-7’ ਚਲਾਇਆ ਗਿਆ। ਸਰਹੱਦੀ ਰਾਜ ਪੰਜਾਬ ਦੀ ਸਰਹੱਦ ਵਿੱਚ ਦਾਖਲ ਹੋਣ ਵਾਲੇ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਜਾਣੀ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ, ਜਿਸ ਦਾ ਮਕਸਦ ਨਸ਼ਾ ਤਸਕਰਾਂ/ਸ਼ਰਾਬ ਸਮੱਗਲਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਸੀ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਕਾਰਵਾਈ ਨੂੰ ਨੇਪਰੇ ਚਾੜ੍ਹਨ ਲਈ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸਰਹੱਦੀ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ ‘ਤੇ ਸਾਂਝੇ ਨਾਕੇ ਲਗਾ ਕੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ। ਵੱਧ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ’ਨਾਕੇ’ ਲਗਾਏ ਜਾਣ।