ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪਟਨਾ, 4 ਅਗਸਤ, ਬੋਲੇ ਪੰਜਾਬ ਬਿਊਰੋ :
ਪੁਲਿਸ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਸਕੱਤਰੇਤ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਸੰਜੀਵ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 16 ਜੁਲਾਈ ਨੂੰ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਭੇਜੀ ਗਈ ਸੀ। ਈ-ਮੇਲ ਭੇਜਣ ਵਾਲੇ ਨੇ ਅਲ-ਕਾਇਦਾ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ।
ਪਟਨਾ ਦੇ ਸੀਨੀਅਰ ਪੁਲਿਸ ਕਪਤਾਨ ਰਾਜੀਵ ਮਿਸ਼ਰਾ ਨੇ ਦੱਸਿਆ ਕਿ ਇਹ ਪੁਰਾਣਾ ਮਾਮਲਾ ਹੈ। ਅਸੀਂ ਜਾਂਚ ਤੋਂ ਬਾਅਦ 2 ਅਗਸਤ 2024 ਨੂੰ ਐੱਫ.ਆਈ.ਆਰ. ਦਰਜ ਕੀਤੀ ਹੈ।
ਬਿਹਾਰ ਪੁਲਿਸ ਦੇ ਸਟੇਟ ਕ੍ਰਾਈਮ ਰਿਕਾਰਡ ਬਿਊਰੋ (ਐਸਸੀਆਰਬੀ) ਦੀ ਵੈਬਸਾਈਟ ‘ਤੇ ਉਪਲਬਧ ਐਫਆਈਆਰ ਦੇ ਅਨੁਸਾਰ, ਭਾਰਤੀ ਨਿਆਂ ਸੰਹਿਤਾ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।