ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਹੋਇਆ ਜਨਤਕ

ਚੰਡੀਗੜ੍ਹ ਪੰਜਾਬ

ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਹੋਇਆ ਜਨਤਕ


ਅੰਮ੍ਰਿਤਸਰ, 5 ਅਗਸਤ, ਬੋਲੇ ਪੰਜਾਬ ਬਿਊਰੋ :


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਗਿਆ ਮੁਆਫੀਨਾਮਾ ਸਿੰਘ ਸਾਹਿਬਾਨ ਨੇ ਅਚਨਚੇਤੀ ਇਕੱਤਰਤਾ ਕਰਕੇ ਅੱਜ ਜਨਤਕ ਕਰ ਦਿੱਤਾ ਹੈ। ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਇਸ ਪੱਤਰ ‘ਤੇ ਵਿਚਾਰ ਕਰਨਗੇ। ਇਸ ਸਪੱਸ਼ਟੀਕਰਨ ਵਿਚ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਹ ਜਾਣੇ-ਅਣਜਾਣੇ ਵਿਚ ਹੋਈਆਂ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਪਾਉਂਦੇ ਹਨ, ਭਾਵੇਂ ਉਹ ਪਰਿਵਾਰ ਕੋਲੋਂ ਹੋਈਆਂ ਜਾਂ ਪਾਰਟੀ ਕੋਲੋਂ।
ਇਸ ਵਿਚ ਸੁਖਬੀਰ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ। ਇਸ ਜਥੇਬੰਦੀ ਦੀ ਸਥਾਪਨਾ ਵੀ 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਸੀ ਅਤੇ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਮਹਾਨ ਜਥੇਬੰਦੀ 10 ਗੁਰੂ ਸਹਿਬਾਨ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ।
ਕੁਝ ਦੁਖਦਾਈ ਘਟਨਾਵਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸਾਲ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਸਨ। ਇਨ੍ਹਾਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਤੱਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ 17 ਅਕਤੂਬਰ, 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਏ ਸਨ। ਉਨ੍ਹਾਂ ਨੇ ਪਸ਼ਚਾਤਾਪ ਦੀ ਭਾਵਨਾ ਨਾਲ ਆਪਣੇ ਮਨ ਦੀ ਪੀੜ੍ਹਾ ਇਕ ਲਿਖਤੀ ਪੱਤਰ ਵਿਚ ਸਿੰਘ ਸਾਹਿਬ ਨੂੰ ਪੇਸ਼ ਕੀਤੀ ਸੀ। ਇਸ ਮੌਕੇ ਸੁਖਬੀਰ ਬਾਦਲ ਵਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤਾ ਗਿਆ ਪਸ਼ਚਾਤਾਪ ਪੱਤਰ ਵੀ ਨਾਲ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖਤ ਸਾਹਿਬ ਬਖਸ਼ਿੰਦ ਗੁਰੂ ਦਾ ਬਖਸ਼ਿੰਦ ਤਖ਼ਤ ਹੈ। ਸਮਰੱਥ ਗੁਰੂ ਜਾਣੀ ਜਾਣ ਹੈ। ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿੱਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ। ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ। ਮੈਂ ਬਿਨਾਂ ਕਿਸੇ ਸਵਾਲ-ਜਵਾਬ ਦੇ ਸੱਚੇ ਦਿਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ। ਜੋ ਵੀ ਸਾਡੇ ਖ਼ਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਲਈ ਗੁਰੂ ਦੇ ਮਹਾਨ ਤਖ਼ਤ ‘ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਪਾਸੋਂ ਬਿਨਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ।
ਸੁਖਬੀਰ ਨੇ ਅੱਗੇ ਲਿਖਿਆ ਕਿ ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ, ਦਾਸ ਚੇਤ-ਅਚਤ ਹੋਈਆਂ ਇਨ੍ਹਾਂ ਸਾਰੀਆਂ ਭੁੱਲਾਂ-ਚੁੱਕਾਂ ਲਈ ਖਿਮਾ ਦਾ ਜਾਚਕ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਜਾਰੀ ਕੀਤੇ ਪਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾਂ ਚੜ੍ਹਦੀਕਲਾ ਵਿੱਚ ਰੱਖੇ।

Leave a Reply

Your email address will not be published. Required fields are marked *