ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੀਬੀਆਈ ਕਰੇਗੀ ਜਾਂਚ, ਤੁਰੰਤ ਸੌਂਪਣੇ ਪੈਣਗੇ ਸਾਰੇ ਦਸਤਾਵੇਜ਼, ਹਾਈਕੋਰਟ ਦਾ ਵੱਡਾ ਹੁਕਮ
ਕੋਲਕਾਤਾ, 13 ਅਗਸਤ,ਬੋਲੇ ਪੰਜਾਬ ਬਿਊਰੋ :
ਆਰਜੀਕਰ ਮੈਡੀਕਲ ਕਾਲਜ ਦੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਕਲਕੱਤਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੰਗਲਵਾਰ ਨੂੰ ਚੀਫ਼ ਜਸਟਿਸ ਟੀ.ਐਸ. ਸ਼ਿਵਗਣਨਮ ਨੇ ਇਸ ਨਾਲ ਸਬੰਧਤ ਕੇਸ ਡਾਇਰੀ ਦੀ ਜਾਂਚ ਕਰਨ ਤੋਂ ਬਾਅਦ ਇਹ ਹੁਕਮ ਦਿੱਤਾ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਰਾਜ ਸਰਕਾਰ ਨੂੰ ਮਾਮਲੇ ਨਾਲ ਸਬੰਧਤ ਸਾਰੀ ਜਾਣਕਾਰੀ ਅਤੇ ਦਸਤਾਵੇਜ਼ ਸੀਬੀਆਈ ਨੂੰ ਸੌਂਪਣੇ ਹੋਣਗੇ। ਇਸ ਤੋਂ ਇਲਾਵਾ ਪੁਲਿਸ ਵੱਲੋਂ ਇਕੱਠੀ ਕੀਤੀ ਗਈ ਸਾਰੀ ਸੀਸੀਟੀਵੀ ਫੁਟੇਜ ਵੀ ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਆਰਜੀਕਾਰ ਮੈਡੀਕਲ ਕਾਲਜ ਦੇ ਐਮਰਜੈਂਸੀ ਵਾਰਡ ਦੀ ਚੌਥੀ ਮੰਜ਼ਿਲ ‘ਤੇ ਖੂਨ ਨਾਲ ਲੱਥਪੱਥ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ। ਇਸ ਘਟਨਾ ਨੇ ਸੂਬੇ ਭਰ ਵਿੱਚ ਹੜਕੰਪ ਮਚਾ ਦਿੱਤਾ। ਕਤਲ ਅਤੇ ਜਬਰ ਜਨਾਹ ਦਾ ਦੋਸ਼ ਲਾਉਂਦਿਆਂ ਆਰਜੀਕਰ ਦੇ ਜੂਨੀਅਰ ਡਾਕਟਰਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ ਅਤੇ ਲਗਾਤਾਰ ਧਰਨੇ ‘ਤੇ ਬੈਠੇ ਹਨ। ਬਾਅਦ ਵਿੱਚ ਹੋਰ ਡਾਕਟਰ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋ ਗਏ। ਇਹ ਅੰਦੋਲਨ ਸਿਰਫ਼ ਆਰਜੀਕਰ ਮੈਡੀਕਲ ਕਾਲਜ ਤੱਕ ਹੀ ਸੀਮਤ ਨਹੀਂ ਰਿਹਾ, ਸਗੋਂ ਸੂਬੇ ਦੇ ਵੱਖ-ਵੱਖ ਹਸਪਤਾਲਾਂ ਤੱਕ ਵੀ ਫੈਲ ਗਿਆ। ਦੇਸ਼ ਦੇ ਵੱਖ-ਵੱਖ ਹਸਪਤਾਲਾਂ ਦੇ ਡਾਕਟਰਾਂ ਨੇ ਵੀ ਪ੍ਰਦਰਸ਼ਨ ‘ਚ ਹਿੱਸਾ ਲਿਆ ਹੈ।
ਆਰਜੀਕਰ ਮੈਡੀਕਲ ਕਾਲਜ ਦੇ ਡਾਕਟਰ ਦੀ ਹੱਤਿਆ ਦੇ ਮਾਮਲੇ ਵਿੱਚ ਹੁਣ ਤੱਕ ਕਈ ਹੈਰਾਨ ਕਰਨ ਵਾਲੀਆਂ ਜਾਣਕਾਰੀਆਂ ਸਾਹਮਣੇ ਆਈਆਂ ਹੈ। ਇਨ੍ਹਾਂ ਜਾਣਕਾਰੀਆਂ ਤੋਂ ਸਪੱਸ਼ਟ ਹੈ ਕਿ ਮਹਿਲਾ ਡਾਕਟਰ ਅੱਤ ਦੀ ਬੇਰਹਿਮੀ ਦਾ ਸ਼ਿਕਾਰ ਹੋਈ। ਪੁਲਿਸ ਨੇ ਇਸ ਮਾਮਲੇ ‘ਚ ਇਕ ਸਿਵਿਕ ਵਲੰਟੀਅਰ ਸੰਜੇ ਰਾਏ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਅਜੇ ਤੱਕ ਕਿਸੇ ਹੋਰ ਵਿਅਕਤੀ ਦੇ ਸ਼ਾਮਲ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਸ਼ਨੀਵਾਰ ਨੂੰ ਮੁਲਜ਼ਮ ਨੂੰ ਸਿਆਲਦਾਹ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਸਨੂੰ 14 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਆਰਜੀਕਰ ਕਾਂਡ ਨੂੰ ਲੈ ਕੇ ਹਾਈ ਕੋਰਟ ‘ਚ ਕਈ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਮੰਗਲਵਾਰ ਨੂੰ ਚੀਫ ਜਸਟਿਸ ਦੀ ਬੈਂਚ ‘ਚ ਸੁਣਵਾਈ ਹੋਈ। ਇਨ੍ਹਾਂ ਪਟੀਸ਼ਨਾਂ ਵਿੱਚ ਮੁੱਖ ਤੌਰ ’ਤੇ ਤਿੰਨ ਮੰਗਾਂ ਕੀਤੀਆਂ ਗਈਆਂ ਸਨ। ਪਹਿਲੀ ਮੰਗ ਸੀ ਕਿ ਮਾਮਲੇ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ। ਪਟੀਸ਼ਨਰਾਂ ਨੇ ਕੇਸ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਅਪੀਲ ਕੀਤੀ, ਜਿਸ ’ਤੇ ਸੂਬੇ ਦਾ ਕੋਈ ਪ੍ਰਭਾਵ ਨਹੀਂ ਹੋਣਾ ਚਾਹੀਦਾ। ਦੂਸਰੀ ਮੰਗ ਸੀ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਤੁਰੰਤ ਸ਼ਨਾਖਤ ਕਰਕੇ ਸਜ਼ਾ ਦਿੱਤੀ ਜਾਵੇ। ਤੀਜੀ ਮੰਗ ਸੀ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸੀਸੀਟੀਵੀ ਕੈਮਰੇ ਲਾਏ ਜਾਣ। ਪਟੀਸ਼ਨਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਦੀ ਹਰ ਮੰਜ਼ਿਲ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੀ.ਸੀ.ਟੀ.ਵੀ. ਹੋਣ ਚਾਹੀਦੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਮ੍ਰਿਤਕ ਡਾਕਟਰ ਦੇ ਪਰਿਵਾਰ ਵਾਲਿਆਂ ਨੇ ਵੀ ਪੁਲਿਸ ‘ਤੇ ਅਵਿਸ਼ਵਾਸ ਪ੍ਰਗਟਾਇਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਐਲਾਨ ਕੀਤਾ ਸੀ ਕਿ ਜੇਕਰ ਪੁਲਿਸ ਐਤਵਾਰ ਤੱਕ ਮਾਮਲੇ ਦੀ ਤਸੱਲੀਬਖਸ਼ ਜਾਂਚ ਨਹੀਂ ਕਰਦੀ ਹੈ ਤਾਂ ਸੂਬਾ ਜਾਂਚ ਦੀ ਜ਼ਿੰਮੇਵਾਰੀ ਸੀਬੀਆਈ ਨੂੰ ਸੌਂਪ ਦੇਵੇਗੀ। ਇਸ ਤੋਂ ਪਹਿਲਾਂ ਹੀ ਹਾਈਕੋਰਟ ਨੇ ਖੁਦ ਇਹ ਨਿਰਦੇਸ਼ ਦੇ ਦਿੱਤਾ ਹੈ।