ਕਿਹਾ, 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਸੁਖਬੀਰ ਬਾਦਲ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ
ਚੰਡੀਗੜ੍ਹ, 13 ਅਗਸਤ, ਬੋਲੇ ਪੰਜਾਬ ਬਿਊਰੋ:
ਪੰਜਾਬ CM ਮਾਨ ਨੇ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਮੰਗੇ ਜਾਣ ਨੂੰ ਲੈ ਕੇ ਤਿੱਖਾ ਵਿਅੰਗ ਕਰਦੇ ਹੋਏ ਕਿਹਾ ਕਿ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਕਾਰੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫੀ ਤਾਂ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ।ਗੁਨਾਹਾਂ ਦਾ ਜ਼ਿਕਰ ਕੀਤੇ ਬਿਨਾਂ ਮੁਆਫੀ ਕਿਸ ਗੱਲ ਦੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਸੰਬੋਧਨ ਕਰ ਰਹੇ ਸਨ।ਉਨ੍ਹਾਂ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਹੱਥੀਂ ਲੈਂਦਿਆ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਅਜਿਹੇ ਲੀਡਰਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਰਹੀ ਜਿਨ੍ਹਾਂ ਨੇ ਸਿਸਟਮ ਦਾ ਭੱਠਾ ਬਿਠਾ ਦਿੱਤਾ।
ਫੁੱਟ ਦਾ ਸ਼ਿਕਾਰ ਹੋਏ ਸ਼੍ਰੋਮਣੀ ਅਕਾਲੀ ਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਸ ਦੀ ਹਾਲਾਤ ਏਨੀ ਹਾਸੋਹੀਣੀ ਹਨ ਕਿ ਉਸ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਹਾਸ਼ੀਏ ਉਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫੀ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ। ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।