ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ, ਇੱਕ ਦੀ ਮੌਤ 5 ਜ਼ਖਮੀ
ਫਤਿਹਗੜ੍ਹ ਸਾਹਿਬ, 13 ਅਗਸਤ, ਬੋਲੇ ਪੰਜਾਬ ਬਿਊਰੋ :
ਧਾਰਮਿਕ ਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਭਿਆਨਕ ਹਾਦਸੇ ‘ਚ ਇਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 5 ਸ਼ਰਧਾਲੂ ਜ਼ਖਮੀ ਦੱਸੇ ਜਾ ਰਹੇ ਹਨ। ਜਦੋਂ ਇਹ ਹਾਦਸਾ ਵਾਪਰਿਆ ਇਹ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਮੰਦਰ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ।
ਜਾਣਕਾਰੀ ਅਨੁਸਾਰ ਕੁਝ ਸ਼ਰਧਾਲੂ ਮਹਿੰਦਰਾ ਪਿਕਅੱਪ ਗੱਡੀ ਵਿੱਚ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਹੋਏ ਸਨ। ਦਰਸ਼ਨਾਂ ਤੋਂ ਬਾਅਦ ਵਾਪਸ ਆਉਂਦੇ ਸਮੇਂ ਜਦੋਂ ਉਹ ਸਰਹਿੰਦ ਦੇ ਤਰਖਾਣ ਮਾਜਰਾ ਟੀ-ਪੁਆਇੰਟ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਨਾਲ ਭਿਆਨਕ ਹਾਦਸਾ ਹੋ ਗਿਆ। ਇਸ ਹਾਦਸੇ ਵਿੱਚ ਰਾਜਪਾਲ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੱਡੀ ਵਿੱਚ ਸਵਾਰ ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਖੁਸ਼ਵੀਰ ਸਿੰਘ, ਛੋਟਾ ਸਿੰਘ ਅਤੇ ਵਿੱਕੀ ਸਿੰਘ ਜ਼ਖ਼ਮੀ ਹੋ ਗਏ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜਪਾਲ ਸਿੰਘ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।