ਪੰਜਾਬ ‘ਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ NOC ਦੀ ਸ਼ਰਤ ਹੋਵੇਗੀ ਖਤਮ
ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ :
ਪੰਜਾਬ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਲਿਆਂਦਾ ਜਾਵੇਗਾ।ਦੱਸਿਆ ਗਿਆ ਕਿ ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ ਕਿਉਂਕਿ ਗੈਰ ਕਾਨੂੰਨੀ ਕਾਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਪ੍ਰਵਾਨਗੀ ਵਾਲੀਆਂ ਕਲੋਨੀਆਂ ਵੇਚ ਦਿੰਦੇ ਹਨ। ਬਾਅਦ ਵਿੱਚ ਇਨ੍ਹਾਂ ਕਾਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਇੱਧਰ-ਉੱਧਰ ਭਟਕਣਾ ਪੈਂਦਾ ਹੈ।