ਦੇਸ਼ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਯੋਗਦਾਨ ਬੇਮਿਸਾਲ : ਭਗਵੰਤ ਮਾਨ
ਜਲੰਧਰ, 15 ਅਗਸਤ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ। ਅਜ਼ਾਦੀ ਦਾ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਹੈ ਕਿਉਂਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਿੰਨੇ ਹੀ ਸ਼ਹੀਦਾਂ ਦੇ ਨਾਂ ਲਏ ਜਾ ਸਕਦੇ ਹਨ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਆਜ਼ਾਦੀ ਮਿਲੀ ਹੈ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਪੰਜਾਬ ਦੀ ਵੰਡ ਹੋ ਗਈ। ਸਾਨੂੰ ਇਹ ਆਜ਼ਾਦੀ ਬਹੁਤ ਪਿਆਰੀ ਲੱਗੀ ਪਰ ਦੇਸ਼ ਦੀ ਤਰੱਕੀ ਵਿੱਚ ਪੰਜਾਬੀਆਂ ਨੇ ਜੋ ਯੋਗਦਾਨ ਪਾਇਆ ਹੈ, ਉਹ ਬੇਮਿਸਾਲ ਹੈ।
ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਨੂੰ ਆਜ਼ਾਦੀ ਮਿਲੀ ਤਾਂ ਅਨਾਜ ਸੰਕਟ ਸੀ। ਅਨਾਜ ਅਮਰੀਕਾ ਵਰਗੇ ਦੇਸ਼ਾਂ ਤੋਂ ਮੰਗਵਾਉਣਾ ਪੈਂਦਾ ਸੀ ਪਰ ਫਿਰ ਹਰੀ ਕ੍ਰਾਂਤੀ ਆਈ। ਪੰਜਾਬ ਨੇ ਇਸ ਵਿੱਚ ਪੂਰਾ ਸਹਿਯੋਗ ਦਿੱਤਾ। ਦੇਸ਼ ਦੇ ਅਨਾਜ ਭੰਡਾਰ ਭਰ ਗਏ, ਪਰ ਇਹ ਕ੍ਰਾਂਤੀ ਬਹੁਤ ਮਹਿੰਗੀ ਪਈ ਹੈ। ਸਾਡੇ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਹੁਣ ਸਾਨੂੰ ਪਾਣੀ ਬਚਾਉਣ ਲਈ ਕਦਮ ਉਠਾਉਣੇ ਪੈਣਗੇ।