ਪ੍ਰਧਾਨ ਮੰਤਰੀ ਨੇ ਓਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 15 ਅਗਸਤ ,ਬੋਲੇ ਪੰਜਾਬ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੈਰਿਸ ਓਲੰਪਿਕ 2024 ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਆਪਣੀ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਸਾਰਿਆਂ ਨਾਲ ਵੱਖ-ਵੱਖ ਤਸਵੀਰਾਂ ਖਿਚਵਾਈਆਂ ਅਤੇ ਬਾਅਦ ‘ਚ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।
ਉਲੰਪਿਕ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਅੱਜ ਲਾਲ ਕਿਲ੍ਹੇ ਵਿੱਚ ਕਰਵਾਏ ਗਏ ਆਜ਼ਾਦੀ ਦਿਵਸ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ। ਇਸ ਦੌਰਾਨ ਉਹ ਆਪਣੇ ਓਲੰਪਿਕ ਪਹਿਰਾਵੇ ਵਿੱਚ ਰਹੇ। ਇਸ ਦੌਰਾਨ ਉਹ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਸ਼ਖਸੀਅਤਾਂ ਨੂੰ ਮਿਲੇ।
ਜ਼ਿਕਰਯੋਗ ਹੈ ਕਿ ਭਾਰਤ ਨੇ 2024 ਪੈਰਿਸ ਓਲੰਪਿਕ ‘ਚ ਇਤਿਹਾਸਕ ਪ੍ਰਦਰਸ਼ਨ ਕੀਤਾ। ਭਾਰਤ ਨੇ ਇਸ ਵਾਰ ਕੁੱਲ 6 ਤਗਮੇ ਜਿੱਤੇ। ਇਨ੍ਹਾਂ ਵਿੱਚ 1 ਚਾਂਦੀ ਅਤੇ 5 ਕਾਂਸੀ ਦੇ ਤਗਮੇ ਸ਼ਾਮਲ ਹਨ। ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ ਚਾਂਦੀ ਦਾ ਤਗਮਾ ਜਿੱਤਿਆ, ਜਿਸ ਨਾਲ ਉਹ ਓਲੰਪਿਕ ਵਿੱਚ ਦੋ ਵਿਅਕਤੀਗਤ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਅਥਲੀਟ ਬਣੇ। ਮਨੂ ਭਾਕਰ ਨੇ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤੇ, ਇੱਕ ਵਿਅਕਤੀਗਤ 10 ਮੀਟਰ ਏਅਰ ਪਿਸਟਲ ਵਿੱਚ ਅਤੇ ਦੂਜਾ ਮਿਕਸਡ ਟੀਮ ਈਵੈਂਟ ਵਿੱਚ। ਉਹ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹਨ। ਅਮਨ ਸਹਿਰਾਵਤ ਨੇ ਕੁਸ਼ਤੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਅਤੇ ਓਲੰਪਿਕ ਤਮਗਾ ਜਿੱਤਣ ਵਾਲੇ ਸਭ ਤੋਂ ਘੱਟ ਉਮਰ ਦੇ ਭਾਰਤੀ ਪਹਿਲਵਾਨ ਬਣੇ । ਭਾਰਤੀ ਪੁਰਸ਼ ਹਾਕੀ ਟੀਮ ਨੇ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਗਮਾ ਜਿੱਤਿਆ।
ਲਾਲ ਕਿਲ੍ਹੇ ਤੋਂ ਆਪਣੇ ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਆਗਾਮੀ ਪੈਰਾਲੰਪਿਕ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ 2036 ਵਿੱਚ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ।