ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਤੇ ਏਐਸਆਈ ਮੁਅੱਤਲ
ਲੁਧਿਆਣਾ, 17 ਅਗਸਤ,ਬੋਲੇ ਪੰਜਾਬ ਬਿਊਰੋ :
ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ ਨੂੰ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿੱਚ ਦਾਖ਼ਲ ਹੋਣ ਤੋਂ ਰੋਕਣ ‘ਤੇ ਦੋ ਪੁਲੀਸ ਮੁਲਾਜ਼ਮਾਂ ਸਬ ਇੰਸਪੈਕਟਰ ਜਸਪਾਲ ਸਿੰਘ ਅਤੇ ਏਐਸਆਈ ਜਸਪਾਲ ਸਿੰਘ ਨੂੰ ਪੁਲੀਸ ਕਮਿਸ਼ਨਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਅਤੇ ਉਨ੍ਹਾਂ ਨੂੰ ਲਾਈਨ ਹਾਜ਼ਰ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਦੋਵਾਂ ਪੁਲਿਸ ਮੁਲਾਜ਼ਮਾਂ ਦੀ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਪੁਲਿਸ ਰਮਨਦੀਪ ਸਿੰਘ ਭੁੱਲਰ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਵੱਲੋਂ ਭੇਜੇ ਗਏ ਸੱਦਾ ਪੱਤਰ ਲੈ ਕੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚੇ ਸਨ, ਜਿਸ ਦਾ ਕਾਰਡ ਨੰਬਰ 962 ਸੀ, ਪਰ ਵੀ.ਆਈ.ਪੀ. ਗੇਟ ‘ਤੇ ਤਾਇਨਾਤ ਦੋਵੇਂ ਪੁਲਿਸ ਮੁਲਾਜ਼ਮ ਨੇ ਨਾ ਸਿਰਫ਼ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਸਗੋਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਬਾਹ ਤੋਂ ਫੜ ਕੇ ਪਾਸੇ ਕਰ ਦਿੱਤਾ। ਮੌਕੇ ‘ਤੇ ਉਨ੍ਹਾਂ ਨੇ ਸੱਦਾ ਪੱਤਰ ਦੇ ਨਾਲ ਆਪਣਾ ਪਛਾਣ ਪੱਤਰ ਵੀ ਦਿਖਾਇਆ ਪਰ ਉਹ ਨਹੀਂ ਮੰਨੇ।