ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ

ਚੰਡੀਗੜ੍ਹ ਪੰਜਾਬ

ਮੁੱਖ ਸਕੱਤਰ ਨੇ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਕੂੜਾ ਰਹਿਤ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ


ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਅਤੇ ਨਗਰ ਕੌਂਸਲ ਤੇ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਆਖਿਆ ਕਿ ਸ਼ਹਿਰਾਂ ਵਿੱਚ ਕੂੜਿਆਂ ਦੇ ਢੇਰ ਨੂੰ ਹਟਾਇਆ ਜਾਵੇ। ਇਸ ਸਬੰਧੀ ਵਿਆਪਕ ਯੋਜਨਾ ਬਣਾਉਂਦਿਆਂ ਇਸ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਤੁਰੰਤ ਪ੍ਰਬੰਧਨ ਕੀਤਾ ਜਾਵੇ। ਇਸ ਵਿਸ਼ੇਸ਼ ਮੁਹਿੰਮ ਤਹਿਤ ਨਵੇਂ ਉਪਰਾਲੇ ਕਰਦਿਆਂ ਲੰਬੇ ਸਮੇਂ ਤੋਂ ਇਕੱਠੇ ਹੋਏ ਕੂੜੇ ਨੂੰ ਚੁਕਾਉਣ ਦਾ ਇੰਤਜ਼ਾਮ ਕੀਤਾ ਜਾਵੇ।

ਸ੍ਰੀ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਫਾਈ ਅਭਿਆਨ ਦਾ ਨਿਰੰਤਰ ਜਾਇਜ਼ਾ ਲੈਣ। ਇਸ ਤੋਂ ਇਲਾਵਾ ਜਿੱਥੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਲਈ ਜਗ੍ਹਾਂ ਨਹੀਂ ਹੈ, ਉਥੇ ਡਿਪਟੀ ਕਮਿਸ਼ਨਰਾਂ ਨੂੰ ਜਗ੍ਹਾਂ ਉਪਲੱਬਧ ਕਰਵਾਉਣ ਲਈ ਕਿਹਾ ਗਿਆ। ਇਸੇ ਤਰ੍ਹਾਂ ਜਿੱਥੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਕੰਮ ਚੱਲ ਰਿਹਾ ਹੈ, ਉਥੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਡੇ ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ ਮੁਹੱਈਆ ਕਰਵਾਉਣ ਲਈ ਉਪਰਾਲੇ ਤੇਜ਼ ਕਰਨੇ ਚਾਹੀਦੇ ਹਨ।

ਮੀਟਿੰਗ ਵਿੱਚ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਤੇ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਦੀਪਤੀ ਉੱਪਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *