ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਦੀ ਸ਼ੁਰੂਆਤ
ਲਾਲੜੂ (ਐਸ.ਏ.ਐਸ.ਨਗਰ), 24 ਅਗਸਤ,ਬੋਲੇ ਪੰਜਾਬ ਬਿਊਰੋ :
ਇੱਕ ਨਿਵੇਕਲੇ ਉਦਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਖਿਲਾਫ਼ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਚਲਾਈ ਜਾ ਰਹੀ ਹੈ।
ਇਸ ਕੈਂਪੇਨ ਦੀ ਸ਼ੁਰੂਆਤ ਵਜੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਯੁਨੀਵਰਸਲ ਲਾਅ ਕਾਲਜ, ਲਾਲੜੂ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਉਨਾਂ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਰਾਜ ਦੇ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ।
ਇਸ ਮੌਕੇ ‘ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਾਣ-ਪਹਿਚਾਣ ਜਾਂ ਆਸ-ਪਾਸ ਕੋਈ ਅਜਿਹਾ ਵਿਅਕਤੀ ਜਿਹੜਾ ਕਿ ਨਸ਼ਿਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ ਰੀਹੈਬਲੀਟੇਸ਼ਨ ਸੈਂਟਰ ਵਿਚ ਮੁਫ਼ਤ ਵਿਚ ਕਰਵਾਉਣ ਦਾ ਪ੍ਰਬੰਧ ਕਰੇਗੀ ਅਤੇ ਜੇਕਰ ਕੋਈ ਵਿਅਕਤੀ ਸਾਹਮਣੇ ਨਹੀਂ ਆਉੁਣਾ ਚਾਹੁੰਦਾ, ਤਾਂ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ।