ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 25 ਅਗਸਤ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।
ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਹ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੇਲ੍ਹ ‘ਚੋਂ ਅਰਦਾਸ ਕੀਤੀ ਸੀ ਕਿ ਉਹ ਜੇਲ੍ਹ ਤੋਂ ਰਿਹਾਅ ਹੋਣ ‘ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨਗੇ। ਹੁਣ ਜਦੋਂ ਇਹ ਇੱਛਾ ਪੂਰੀ ਹੋ ਗਈ ਹੈ ਤਾਂ ਉਹ ਮੱਥਾ ਟੇਕਣ ਆਏ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਾਲੇ ਸਿੱਖਿਆ ਮੰਤਰੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹੁਣ ਝੂਠੇ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਮਾਣਯੋਗ ਅਦਾਲਤ ਅਤੇ ਵਾਹਿਗੁਰੂ ‘ਤੇ ਪੂਰਾ ਭਰੋਸਾ ਸੀ ਕਿ ਉਹ ਜਲਦੀ ਹੀ ਇਨਸਾਫ਼ ਦਿਵਾਉਣਗੇ। ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਹਨ ਅਤੇ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਵੀ ਕੀਤੀ ਗਈ ਕਿ ਅਰਵਿੰਦ ਕੇਜਰੀਵਾਲ ਵੀ ਜਲਦੀ ਜੇਲ੍ਹ ‘ਚੋਂ ਬਾਹਰ ਆਉਣ।