ਭਗਵੰਤ ਮਾਨ ਸਰਕਾਰ ਅਗਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕਰ ਰਹੀ ਹੈ ਕੰਮ : ਡਾ. ਬਲਬੀਰ ਸਿੰਘ

ਚੰਡੀਗੜ੍ਹ ਪੰਜਾਬ

ਭਗਵੰਤ ਮਾਨ ਸਰਕਾਰ ਅਗਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕਰ ਰਹੀ ਹੈ ਕੰਮ : ਡਾ. ਬਲਬੀਰ ਸਿੰਘ

ਪਟਿਆਲਾ, 25 ਅਗਸਤ,ਬੋਲੇ ਪੰਜਾਬ ਬਿਊਰੋ ;

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਸ਼ੁਰੂ ਕੀਤੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ‘ਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਪਿੰਡਾਂ ਦੇ ਸਾਂਝੇ ਮਸਲੇ ਆਪਣੇ ਐਮ.ਐਲ.ਏ ਸਾਹਮਣੇ ਰੱਖੇ ਜਾ ਰਹੇ ਹਨ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਰਿਚਾ ਗੋਇਲ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕੰਮ ਕਰ ਰਹੀ ਹੈ ਇਸੇ ਲਈ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਅਰੰਭੇ ਗਏ ਹਨ ਜੋ ਲਗਾਤਾਰ ਜਾਰੀ ਹਨ। ਉਨ੍ਹਾਂ ਅੱਜ ਪਿੰਡ ਰੋਹਟਾ, ਰੋਹਟੀ ਮੋੜਾਂ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰੋਹਟੀ ਛੰਨਾ, ਰੋਹਟੀ ਖਾਸ, ਹਿਆਣਾ ਖੁਰਦ ਅਤੇ ਹਿਆਣਾ ਕਲਾਂ ਪਿੰਡਾਂ ਦਾ ਦੌਰਾ ਕੀਤਾ।

ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਨੇੜੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਡਿਸਪੈਂਸਰੀਆਂ ਨਹੀਂ ਹਨ, ਉਥੇ ਹਰੇਕ ਹਫ਼ਤੇ ਅਤਿਆਧੁਨਿਕ ਐਂਬੂਲੈਂਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਜਿਥੇ ਪਿੰਡ ਵਾਸੀ ਆਪਣੇ ਟੈਸਟ ਅਤੇ ਦਵਾਈ ਵੀ ਲੈ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਪਿੰਡਾਂ ਦੇ ਲੋਕਾਂ ਵੱਲੋਂ ਕੀਤੀ ਗਈ ਮੰਗ ਦੇ ਮੁਤਾਬਕ ਉਹ ਆਪਣੇ ਹਲਕੇ ਦੇ ਇਨ੍ਹਾਂ ਪਿੰਡਾਂ ਵਿੱਚ ਹਰੇਕ ਵਿਕਾਸ ਕੰਮ ਕਰਵਾਉਣ ਲਈ ਵਚਨਬੱਧ ਹਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ੍ਹਾਂ ਪਿੰਡ ਰੋਹਟੀ ਬਸਤਾ ਵਿਖੇ ਪੰਚਾਇਤੀ ਰਾਜ ਵਿਭਾਗ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਏ ਗਏ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ।

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਬੂਟੇ ਲਾਉਣ, ਸਮਸ਼ਾਨਘਾਟ ਇੱਕ ਬਣਾਉਣ ਅਤੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਤੇ ਸਕੂਲਾਂ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।

Leave a Reply

Your email address will not be published. Required fields are marked *