ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੀ ਸਾਂਝੀ ਮੀਟਿੰਗ ਕੀਤੀ
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਧ ਤੋਂ ਵਧ ਪਰਾਲੀ ਸੰਭਾਲ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ
ਡੇਰਾਬੱਸੀ (ਐਸ.ਏ.ਐਸ. ਨਗਰ), 27 ਅਗਸਤ ,ਬੋਲੇ ਪੰਜਾਬ ਬਿਊਰੋ :
ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲਈ ਹੈ।
ਅੱਜ ਉਪ ਮੰਡਲ ਮੈਜਿਸਟ੍ਰੇਟ ਡਾ: ਹਿਮਾਂਸ਼ੂ ਗੁਪਤਾ ਵੱਲੋਂ ਆਪਣੇ ਦਫ਼ਤਰ ਵਿਖੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ ਬੇਲਰ ਅਪਰੇਟਰਾਂ ਅਤੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨਾਲ ਮੀਟਿੰਗ ਕੀਤੀ ਗਈ।
ਐਸ.ਡੀ.ਐਮ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਚੋਂ ਜਲਦੀ ਤੋਂ ਜਲਦੀ ਪਰਾਲੀ ਦੀਆਂ ਗੰਢਾਂ ਬਣਾਉਣ ਤਾਂ ਜੋ ਅਗਲੀ ਫ਼ਸਲ ਲਈ ਖੇਤਾਂ ਨੂੰ ਤਿਆਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪਰਾਲੀ ਦੀਆਂ ਗੰਢਾਂ ਦਾ ਸਟਾਕ ਰੱਖਣ ਲਈ ਪਹਿਲਾਂ ਹੀ ਕਾਫੀ ਗਿਣਤੀ ਵਿੱਚ ਡੰਪਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।
ਕਿਸਾਨਾਂ ਦੇ ਖੇਤਾਂ ਤੋਂ ਡੰਪਿੰਗ ਸਾਈਟਾਂ ਤੱਕ ਗੰਢਾਂ ਦੀ ਨਿਰਵਿਘਨ ਸਪਲਾਈ ਲਈ ਬੇਲਰ ਆਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੇ ਆਪਸੀ ਤਾਲਮੇਲ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਿਖਰਲੇ ਸੀਜ਼ਨ ਦੌਰਾਨ ਸਹਾਈ ਹੋਵੇਗਾ।
ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਖੇਤੀਬਾੜੀ ਵਿਭਾਗ ਤੋਂ ਡਾ: ਦਾਨਿਸ਼ ਕੁਮਾਰ, ਬੇਲਰ ਆਪਰੇਟਰ ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਅਤੇ ਤੇਜਿੰਦਰ ਸਿੰਘ, ਨਾਹਰ ਕੈਮੀਕਲ, ਨਚੀਕੇਤਾ ਪੇਪਰਜ਼, ਵਾਈਸੀਡੀ ਗੌਰਵ ਫਿਊਲ ਆਦਿ ਉਦਯੋਗਿਕ ਯੂਨਿਟਾਂ ਦੇ ਨੁਮਾਇੰਦੇ ਸ਼ਾਮਲ ਸਨ।