ਫਿਲਮ ‘ਐਮਰਜੈਂਸੀ’ ਵਿੱਚੋਂ ਸਿੱਖ ਭਾਵਨਾਵਾਂ ਭੜਕਾਉਣ ਵਾਲੇ ਸੀਨ ਕੱਟਣ ਦੀ ਮੰਗ, ਨਿਰਮਾਤਾਵਾਂ ਨੂੰ ਨੋਟਿਸ
ਚੰਡੀਗੜ੍ਹ, 27 ਅਗਸਤ ,ਬੋਲੇ ਪੰਜਾਬ ਬਿਊਰੋ ;
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਵਿਰੋਧ ਕਰਦਿਆਂ ਨਿਰਮਾਤਾਵਾਂ ਨੂੰ ਨੋਟਿਸ ਭੇਜ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੇ ਦ੍ਰਿਸ਼ਾਂ ਨੂੰ ਕੱਟਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਨੋਟਿਸ ਵਿੱਚ ਫਿਲਮ ਦੇ ਰਿਲੀਜ਼ ਹੋਏ ਟ੍ਰੇਲਰ ਨੂੰ ਜਨਤਕ ਮੰਚ ਤੋਂ ਹਟਾ ਕੇ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਸਬੰਧੀ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੀ ਪੱਤਰ ਲਿਖਿਆ ਗਿਆ ਹੈ।
ਇਨ੍ਹਾਂ ਪੱਤਰਾਂ ‘ਤੇ ਕੋਈ ਕਾਰਵਾਈ ਨਾ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਨੋਟਿਸ ਤੋਂ ਬਾਅਦ ਜੇਕਰ ਇਤਰਾਜ਼ਯੋਗ ਸੀਨ ਨਾ ਹਟਾਏ ਗਏ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।