ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੌਰੇ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ
ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ ;
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਯੂਕਰੇਨ ਦੌਰੇ ਦੇ 4 ਦਿਨ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਭਾਰਤ ਅਤੇ ਰੂਸ ਵਿਚਾਲੇ ਵਿਸ਼ੇਸ਼ ਅਤੇ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਬਾਰੇ ਪੁਤਿਨ ਨਾਲ ਗੱਲ ਕੀਤੀ। ਰੂਸ-ਯੂਕਰੇਨ ਯੁੱਧ ਬਾਰੇ ਵੀ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ।” 2 ਮਹੀਨਿਆਂ ‘ਚ ਇਹ ਦੂਜੀ ਵਾਰ ਹੈ ਜਦੋਂ ਪੀਐੱਮ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਯੁੱਧ ਰੋਕਣ ਦੀ ਗੱਲ ਕੀਤੀ ਹੈ। ਇਸ ਤੋਂ ਪਹਿਲਾਂ ਮੋਦੀ 8 ਜੁਲਾਈ ਨੂੰ ਰੂਸ ਗਏ ਸਨ। ਉਦੋਂ ਵੀ ਦੋਵਾਂ ਵਿਚਾਲੇ ਇਸ ਮੁੱਦੇ ‘ਤੇ ਚਰਚਾ ਹੋਈ ਸੀ। ਪੀਐਮ ਮੋਦੀ ਨੇ ਕਿਹਾ ਸੀ, “ਇਹ ਜੰਗ ਦਾ ਸਮਾਂ ਨਹੀਂ ਹੈ।”
ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਪੁਤਿਨ ਨੂੰ ਆਪਣੀ ਹਾਲੀਆ ਯੂਕਰੇਨ ਯਾਤਰਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਯੁੱਧ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ। ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਵੀ ਗੱਲਬਾਤ ਕੀਤੀ ਸੀ।