ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।
ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।